ਬਠਿੰਡਾ:ਬੀਤੇ ਦਿਨੀਂ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜ਼ੇਰੇ ਇਲਾਜ ਹਸਪਤਾਲ 'ਚ ਦਾਖਲ ਹਨ। ਬਲਜੀਤ ਸਿੰਘ ਦਾਦੂਵਾਲ ਨੇ ਹਸਪਤਾਲ ਤੋਂ ਹੀ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਦੀ ਕੈਪਟਨ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਮੁੱਦਿਆਂ ਤੇ ਮੌਜੂਦਾ ਹਲਾਤਾਂ ਬਾਰੇ ਗੱਲਬਾਤ ਕੀਤੀ।
ਦਾਦੂਵਾਲ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵਜ਼ੀਫੇ ਘੁਟਾਲੇ ਰਾਹੀਂ ਦਲਿਤ ਵਿਦਿਆਰਥੀਆਂ ਨਾਲ ਧੋਖਾ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕੈਬਿਨੇਟ ਮੰਤਰੀ ਉੱਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਥੇ ਇੱਕ ਪਾਸੇ ਕੈਪਟਨ ਸਰਕਾਰ ਸਿੱਖਿਆ ਨੂੰ ਵਧਾਵਾ ਦੇਣ ਦੀ ਗੱਲ ਕਰਦੀ ਹੈ, ਉੱਥੇ ਹੀ ਦੂਜੇ ਪਾਸੇ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਦੀ ਰਕਮ 'ਚ ਘੁਟਾਲਾ ਕਰ ਸਿੱਖਿਆ ਦੇ ਚਾਨਣ ਨੂੰ ਰੋਕ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਬਲਜੀਤ ਸਿੰਘ ਦਾਦੂਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਹੋਣ ਦੇ ਮਾਮਲੇ 'ਤੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੀ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਵੀ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਲਾਹਨਤਾਂ ਪਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਗੋਂਗਲੂਆਂ ਤੋਂ ਮਿੱਟੀ ਝਾੜਨਾ ਬੰਦ ਕਰਕੇ ਪੰਜਾਬ ਦੇ ਹਲਾਤਾਂ ਵੱਲ ਧਿਆਨ ਦੇਣ।