ਬਠਿੰਡਾ: ਸ਼ਹਿਰ ਦੇ ਮੌੜ ਮੰਡੀ ਇਲਾਕੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਰੇਲਵੇ ਫਾਟਕ ਬੰਦ ਹੋਣ ਕਾਰਨ ਲੋਕਾਂ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਹੈ। ਭਾਰਤੀ ਕਿਸਾਨ ਏਕਤਾ ਯੂਨੀਅਨ ਉਗਰਾਹਾਂ ਨੇ ਬੰਦ ਫਾਟਕ ਖੁਲ੍ਹਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਧਰਨਾ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੇ ਦੱਸਿਆ ਕਿ ਇਹ ਫਾਟਕ ਪਿਛਲੇ ਲੰਮੇ ਸਮੇਂ ਤੋਂ ਬੰਦ ਹੋਣ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਦੇ ਹੋਏ ਜਲਦ ਤੋਂ ਜਲਦ ਰੇਲਵੇ ਫਾਟਕ ਦੀ ਇਸ ਸੱਮਸਿਆ ਨੂੰ ਹੱਲ ਕੀਤੇ ਜਾਣ ਦੀ ਅਪੀਲ ਕੀਤੀ ਹੈ।
ਕਿਸਾਨ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਮੌੜ ਮੰਡੀ ਵਾਲੇ ਫਾਟਕ ਦਾ ਮੁੱਦਾ ਕਾਫੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਜਿਸ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ ਅਤੇ ਨਾ ਇਹ ਨੂੰ ਸੁਲਝਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੈ। ਫਾਟਕ ਬੰਦ ਹੋਣ ਕਰਕੇ ਅਕਸਰ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਜਾਣ ਲਈ ਲੰਮੇ ਰਸਤੇ ਦੀ ਵਰਤੋਂ ਕਰਨੀ ਪੈਂਦੀ ਹੈ ਜਿਸ ਨਾਲ ਸਮਾਂ ਬਰਬਾਦ ਹੁੰਦਾ ਹੈ। ਜਿਸ ਕਾਰਨ ਅਖ਼ਿਰ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਉਲੀਕੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਯੂਨੀਅਨ ਦੀ ਮੰਗ ਨਹੀਂ ਮੰਨੀ ਤਾਂ ਮਜਬੂਰਨ ਉਨ੍ਹਾਂ ਨੂੰ ਆਪਣਾ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ। ਉਹ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਨਗੇ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।