ਬਠਿੰਡਾ: ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਬੁੱਧਵਾਰ ਨੂੰ ਕੇਂਦਰੀ ਟਰੇਡ ਯੂਨੀਅਨ ਅਤੇ ਵੱਖ ਵੱਖ ਫੈਡਰੇਸ਼ਨ ਵੱਲੋਂ ਪੇਂਡੂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬਠਿੰਡਾ ਵਿੱਚ ਵੀ ਇਸ ਦਾ ਸਮਰਥਨ ਕਰਦਿਆਂ ਹੋਇਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀ ਨੀਤੀਆਂ ਨੂੰ ਲੈ ਕੇ ਬੱਸ ਸਟੈਂਡ 'ਤੇ 2 ਘੰਟੇ ਦੇ ਕਰੀਬ ਚੱਕਾ ਜਾਮ ਕੀਤਾ ਗਿਆ। ਇਸ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਦਿਆਂ ਹੋਇਆ ਕੇਂਦਰ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਹੋਇਆ ਪੰਜਾਬ ਬੈਂਕ ਇੰਪਲਾਈਜ਼ ਫੈੱਡਰੇਸ਼ਨ ਦੇ ਸੈਕਟਰੀ ਪਵਨ ਜਿੰਦਲ ਨੇ ਦੱਸਿਆ ਹੈ ਕਿ ਬੁੱਧਵਾਰ ਦੇ ਦਿਨ ਸਮੁੱਚੇ ਦੇਸ਼ ਵਿੱਚ ਕੇਂਦਰ ਸਰਕਾਰ ਦੀ ਨੀਤੀਆਂ ਵਿਰੁੱਧ ਹੜਤਾਲ ਕੀਤੀ ਗਈ। ਪਵਨ ਜਿੰਦਲ ਨੇ ਦੱਸਿਆ ਕਿ ਬਠਿੰਡਾ ਵਿੱਚ ਸਮੁੱਚੇ ਬੈਂਕ ਇੰਪਲਾਈਜ਼ ਵੱਲੋਂ ਕੇਂਦਰ ਸਰਕਾਰ ਦੀਆਂ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਅਤੇ ਲੋਕ ਮਾਰੂ ਨੀਤੀਆਂ ਵਿਰੁੱਦ ਹੜਤਾਲ ਕੀਤੀ ਗਈ ਹੈ। ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖੇ ਤਿੱਖਾ ਕੀਤਾ ਜਾਵੇਗਾ।
ਇਸ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦੀ ਸੀਪੀਆਈ ਪਾਰਟੀ ਦੇ ਪੰਜਾਬ ਮੀਤ ਪ੍ਰਧਾਨ ਜੋਗਿੰਦਰ ਸਿੰਘ ਜੋਗਾ ਨੇ ਦੱਸਿਆ ਕਿ ਅੱਜ ਸਮੁੱਚੇ ਦੇਸ਼ ਵਿੱਚ 10 ਕੇਂਦਰੀ ਟਰੇਡ ਯੂਨੀਅਨ ਅਤੇ ਵੱਖ ਵੱਖ ਫੈਡਰੇਸ਼ਨਾਂ ਇਸ ਦਾ ਹਿੱਸਾ ਬਣ ਰਹੀਆਂ ਹਨ। ਇਨ੍ਹਾਂ ਦੀ ਮੰਗ ਹੈ ਕਿ ਜੋ ਕੇਂਦਰ ਸਰਕਾਰ ਲੋਕ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ ਜਿਸ ਨਾਲ ਹਰ ਗਰੀਬ ਵਰਗ ਅਤੇ ਵਪਾਰ ਖਤਮ ਹੋ ਜਾਵੇਗਾ ਅਤੇ ਜੋ ਕੇਂਦਰ ਸਰਕਾਰ ਵੱਡੇ ਅਦਾਰਿਆਂ ਨੂੰ ਪ੍ਰਾਈਵੇਟ ਕਰਨ ਦੇ ਉੱਤੇ ਕਦਮ ਚੁੱਕ ਰਹੀ ਹੈ।