ਬਠਿੰਡਾ: ਪਰਾਲੀ ਦੇ ਧੂੰਏ ਨਾਲ ਹੋ ਰਹੀ ਸਮੱਸਿਆਵਾਂ ਨੂੰ ਲੈ ਕੇ ਸ਼ਹਿਰ ਦੇ ਫਾਇਰ ਬ੍ਰਿਗੇਡ ਚੌਕ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਸਮਾਜ ਸੇਵੀ ਡਾ. ਵਿਤੁਲ ਗੁਪਤਾ ਨੇ ਦੱਸਿਆ ਕਿ ਕਿਸਾਨ ਪਹਿਲਾਂ ਹੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹਨ। ਦੂਜੇ ਪਾਸੇ ਪਰਾਲੀ ਨੂੰ ਅੱਗ ਲਾਉਣ ਕਾਰਨ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਵੀ ਬੰਦ ਕੀਤਾ ਜਾ ਰਿਹਾ ਹੈ ਜਦੋਂ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਕਿਸਾਨਾਂ ਨੂੰ ਸੰਦ ਮੁਹੱਈਆ ਕਰਵਾ ਕੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਉਸ ਤੋਂ ਬਾਅਦ ਕੋਈ ਕਿਸਾਨ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਉਸ ਦੇ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਡਾ. ਗੁਪਤਾ ਨੇ ਕਿਹਾ ਕਿ ਪਰ ਕਿਸਾਨਾਂ ਕੋਲ ਕੋਈ ਦੂਜਾ ਹੱਲ ਨਾ ਹੋਣ ਕਰਕੇ ਉਹ ਮਜਬੂਰ ਹੋ ਕੇ ਪਰਾਲੀ ਨੂੰ ਅੱਗ ਲਗਾ ਰਹੇ ਹਨ। ਪਰਾਲੀ ਦੇ ਧੂੰਏ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਜੋ ਕਈ ਬੀਮਾਰੀਆਂ ਦਾ ਘਰ ਵੀ ਬਣ ਚੁੱਕਾ ਹੈ। ਡਾ. ਗੁਪਤਾ ਨੇ ਕਿਹਾ ਕਿ ਇਸ ਦਾ ਜ਼ਿੰਮੇਵਾਰ ਸਿੱਧੇ ਤੌਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਹੈ।
ਰੋਸ ਪ੍ਰਦਰਸ਼ਨ ਦੌਰਾਨ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਕਿਹਾ ਹੈ ਕਿ ਪਰਾਲੀ ਦੇ ਧੂੰਏ ਨਾਲ ਕਈ ਥਾਵਾਂ 'ਤੇ ਦੁਰਘਟਨਾਵਾਂ ਵਾਪਰ ਰਹੀਆਂ ਹਨ। ਲੋਕ ਬਿਮਾਰ ਹੋ ਰਹੇ ਹਨ। ਪਰਾਲੀ ਦੇ ਧੂੰਏ 'ਤੇ ਸਰਕਾਰਾਂ ਮਹਿਜ਼ ਸਿਆਸਤ ਕਰ ਰਹਿਆਂ ਹਨ।