ਬਠਿੰਡਾ : ਸਰਕਾਰ ਵੱਲੋਂ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਰਾਸ਼ਨ ਕਾਰਡ ਧਾਰਕਾਂ ਨੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਰੋਸ ਪ੍ਰਦਰਸ਼ਨ ਦੌਰਾਨ ਇੱਥੇ ਦੇ ਸਾਬਕਾ ਕੌਂਸਲਰ ਵਿਜੈ ਕੁਮਾਰ ਵੀ ਮੌਜ਼ੂਦ ਰਹੇ। ਉਨ੍ਹਾਂ ਨੇ ਕੈਪਟਨ ਸਰਕਾਰ ਵੱਲੋਂ ਇਸ ਕਾਰਵਾਈ ਦੀ ਨਿਖੇਧੀ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਗਰੀਬ ਲੋਕਾਂ ਦੇ ਇਹ ਕਾਰਡ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਿੱਚ ਆਟਾ-ਦਾਲ ਸਕੀਮ ਦੇ ਤਹਿਤ ਤਿਆਰ ਕੀਤੇ ਗਏ ਸਨ। ਉਸ ਸਮੇਂ ਲੋਕਾਂ ਨੂੰ ਦਾਲ ਖੰਡ ਅਤੇ ਅਨਾਜ ਆਦਿ ਸਮਾਨ ਘੱਟ ਕੀਮਤ 'ਤੇ ਮਿਲਦਾ ਸੀ। ਉਨ੍ਹਾਂ ਕੈਪਟਨ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੂੰ ਸਿਰਫ਼ ਇਸ ਗੱਲ ਤੋਂ ਤਕਲੀਫ਼ ਹੈ ਕਿ ਇਨ੍ਹਾਂ ਕਾਰਡਾਂ ਉੱਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਅਕਾਲੀ ਆਗੂ ਅਤੇ ਸੁਖਬੀਰ ਸਿੰਘ ਬਾਦਲ ਦੀ ਤਸਵੀਰ ਲਗੀ ਹੋਈ ਹੈ।
ਕੈਪਟਨ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਜਾਣਬੁੱਝ ਕੇ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਗਰੀਬ ਲੋਕਾਂ ਨੂੰ ਮੁਫ਼ਤ ਰਾਸ਼ਨ ਮੁਹੰਈਆ ਕਰਵਾਏ ਜਾਣ ਦਾ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਲਗਭਗ 40 ਹਜ਼ਾਰ ਤੋਂ ਵੱਧ ਲੋਕਾਂ ਦੇ ਰਾਸ਼ਨ ਕਾਰਡ ਰੱਦ ਕਰ ਦਿੱਤੇ ਗਏ ਹਨ ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਜੇਕਰ ਸੂਬਾ ਸਰਕਾਰ ਵੱਲੋਂ ਨਵੇਂ ਕਾਰਡ ਨਾ ਬਣਾਏ ਗਏ ਤਾਂ ਰੋਸ ਪ੍ਰਦਰਸ਼ਨ ਤੇਜ਼ ਕਰ ਦਿੱਤਾ ਜਾਵੇਗਾ।