ਬਠਿੰਡਾ: ਸ਼ਹਿਰ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।
ਇਸ ਮੌਕੇ ਕਿਸਾਨੀ ਆਗੂਆਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ। ਇਹ ਧਰਨਾ ਆਲ ਇੰਡੀਆ ਕਿਸਾਨ ਜੱਥੇਬੰਦੀ ਦੇ ਸੱਦੇ 'ਤੇ ਲਗਾਇਆ ਗਿਆ। ਧਰਨੇ ਦੇ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਬਾਰੇ ਕਿਸਾਨੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਅਤੇ ਫਸਲਾਂ ਦੇ ਵਾਜਿਬ ਮੁੱਲ ਦੇਣ ਦਾ ਗੱਲ ਕਹੀ ਸੀ , ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਨੇ ਪਰਾਲੀ ਸਾੜਨ ਦੀ ਸਮੱਸਿਆ ਉੱਤੇ ਕਿਸਾਨਾਂ ਨਾਲ ਧੱਕੇਸ਼ਾਹੀ ਹੋਣ ਦੀ ਗੱਲ ਆਖੀ।
ਹੋਰ ਪੜ੍ਹੋ16 ਸਾਲ ਬਾਅਦ ਪਾਕਿਸਤਾਨ 'ਚੋਂ ਜੇਲ੍ਹ ਕੱਟ ਕੇ ਪਰਤੇ ਗੁਲਾਮ ਫ਼ਰੀਦ ਆਪਣੀ ਮਾਂ ਤੇ ਪਰਿਵਾਰ ਨਾਲ ਮਿਲਿਆ
ਉਨ੍ਹਾਂ ਪਰਾਲੀ ਸਾੜਨ ਨੂੰ ਲੈ ਕਿਸਾਨਾਂ ਉੱਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਖ਼ੁਦ ਪਰਾਲੀ ਦਾ ਕੋਈ ਪ੍ਰਬੰਧ ਕਰੇ ਜਾਂ ਕਿਸਾਨਾਂ ਨੂੰ ਵਾਜਿਬ ਮੁਆਵਜ਼ਾ ਦੇਵੇ। ਕਿਸਾਨਾਂ ਵੱਲੋਂ ਗੰਨੇ ਦੀ ਬਕਾਇਆ ਰਕਮ, ਸਵਾਮੀਨਾਥਨ ਦੀ ਰਿਪੋਰਟ ਦੇ ਮੁਤਾਬਕ ਫਸਲਾਂ ਦੇ ਵਾਜਿਬ ਮੁੱਲ ਅਤੇ ਹੋਰਨਾਂ ਮੰਗਾਂ ਨੂੰ ਪੂਰਾ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਮੰਗਾਂ ਪੂਰੀਆਂ ਨਾ ਕੀਤੇ ਜਾਣ 'ਤੇ ਸੰਘਰਸ਼ ਹੋਰ ਤੇਜ਼ ਕੀਤੇ ਜਾਣ ਅਤੇ 29, 30 ਨਵੰਬਰ ਨੂੰ ਦਿੱਲੀ ਵਿੱਚ ਆਲ ਇੰਡੀਆ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਵਿਰੁੱਧ ਧਰਨਾ ਦੇਣ ਦੀ ਚੇਤਾਵਨੀ ਦਿੱਤੀ ਗਈ ਹੈ।