ਬਠਿੰਡਾ: ਸ਼ਹਿਰ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਹਲਕੇ ਮੀਂਹ ਕਾਰਨ ਲੋਕ ਖੁਸ਼ ਤਾਂ ਹਨ ਪਰ ਦੂਜੇ ਪਾਸੇ ਉਨ੍ਹਾਂ ਨੂੰ ਕਈ ਇਲਾਕਿਆਂ 'ਚ ਪਾਣੀ ਭਰ ਜਾਣ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿਛਲੇ ਦੋ ਦਿਨਾਂ ਵਿੱਚ ਸ਼ਹਿਰ 'ਚ ਹਲਕਾ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਪੈਣ ਕਾਰਨ ਇਥੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਪਿਛਲੇ ਦੋ ਦਿਨਾਂ ਵਿੱਚ ਬਠਿੰਡਾ ਵਿੱਚ 20 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦੇ ਕਈ ਵੱਡੇ ਦਾਅਵੇ ਕੀਤੇ ਗਏ ਸਨ ਪਰ ਐਤਵਾਰ ਨੂੰ ਮਹਿਜ਼ ਅੱਧਾ ਘੰਟਾ ਮੀਂਹ ਪੈਣ ਨਾਲ ਹੀ ਇਨ੍ਹਾਂ ਦਾਅਵਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਮਹਿਜ਼ ਅੱਧੇ ਘੰਟੇ ਦੇ ਮੀਂਹ ਨਾਲ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਇਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸਣਯੋਗ ਹੈ ਕਿ ਨਗਰ ਨਿਗਮ ਦੇ ਮੇਅਰ ਨੇ ਬੀਤੇ ਦਿਨੀਂ ਇਹ ਦਾਅਵਾ ਕੀਤਾ ਸੀ ਕਿ ਲੁਧਿਆਣਾ ਤੋਂ ਕੁੱਝ ਗੱਡੀਆਂ ਮੰਗਵਾ ਕੇ ਸ਼ਹਿਰ ਚੋਂ ਨਿਕਾਸੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਮੀਂਹ ਦੇ ਪਾਣੀ ਦੀ ਨਿਕਾਸੀ ਸਹੀ ਤਰੀਕੇ ਨਾਲ ਹੋ ਸਕੇ। ਸ਼ਹਿਰ 'ਚ ਸੀਵਰੇਜ ਅਤੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਤਿੰਨ ਸੌ ਕਰੋੜ ਦਾ ਪ੍ਰਾਜੈਕਟ ਰੱਖਿਆ ਗਿਆ ਸੀ ਪਰ ਇਸ ਦੇ ਬਾਵਜੂਦ ਲੋਕਾਂ ਦੀ ਪਰੇਸ਼ਾਨੀਆਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ।