ਬਠਿੰਡਾ: ਰਾਮਪੁਰਾ ਫੂਲ ਖੇਤਰ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿੱਚ ਐਤਵਾਰ ਸਵੇਰੇ ਇੱਕ ਨੌਜਵਾਨ ਕਿਸਾਨ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਲਾਭ ਸਿੰਘ (22) ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਸੀ ਅਤੇ ਦੋ ਦਿਨ ਪਹਿਲਾਂ ਹੀ ਦਿੱਲੀ ਮੋਰਚੇ ਤੋਂ ਵਾਪਸ ਪਰਤਿਆ ਸੀ।
ਐਤਵਾਰ ਸਵੇਰੇ ਕਿਸਾਨ ਗੁਰਲਾਭ ਸਿੰਘ ਆਪਣੇ ਘਰ ਵਿੱਚ ਜ਼ਹਿਰ ਨਿਗਲ ਲਿਆ ਅਤੇ ਖੁਦਕੁਸ਼ੀ ਕਰ ਲਈ। ਜਿਵੇਂ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਇਸ ਘਟਨਾ ਦਾ ਪਤਾ ਲੱਗਿਆ, ਉਹ ਉਸ ਨੂੰ ਨੇੜਲੇ ਹਸਪਤਾਲ ਲੈ ਗਏ, ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਕਿਸਾਨ ਦੇ ਸਿਰ ਕਰੀਬ ਸਾਢੇ 6 ਲੱਖ ਦਾ ਕਰਜ਼ਾ ਸੀ।
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਗੁਰਲਾਭ ਸਿੰਘ ਜੋ ਕਿ ਰੱਸਾਕਸ਼ੀ ਦਾ ਨੈਸ਼ਨਲ ਖਿਡਾਰੀ ਸੀ, ਬੀਤੀ 3 ਦਸੰਬਰ ਨੂੰ ਆਪਣੇ ਪਿੰਡ ਵਾਸੀਆਂ ਨਾਲ ਦਿੱਲੀ ਕਿਸਾਨ ਮੋਰਚੇ ਵਿੱਚ ਹਿੱਸਾ ਲੈਣ ਗਿਆ ਸੀ ਅਤੇ ਬੀਤੀ 18 ਦਸੰਬਰ ਨੂੰ ਵਾਪਸ ਆਇਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਹ ਘਰ ਬੈਠਾ ਗੱਲਾਂ ਕਰ ਰਿਹਾ ਸੀ ਕਿ ਕੇਂਦਰ ਦੀ ਮੋਦੀ ਸਰਕਾਰ ਬਣਾਏ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੀ ਅਤੇ ਇਸ ਦਿੱਲੀ ਮੋਰਚੇ ਦਾ ਕੋਈ ਹੱਲ ਨਹੀਂ ਕਰ ਰਿਹਾ, ਜਿਸ ਕਰਕੇ ਸਾਡੀਆਂ ਜ਼ਮੀਨਾਂ ਵੀ ਸਾਡੇ ਕੋਲੋਂ ਖੋਹ ਲਈਆਂ ਜਾਣਗੀਆਂ।
ਮ੍ਰਿਤਕ ਕਿਸਾਨ ਇਸ ਕਾਰਨ ਕਾਫ਼ੀ ਪ੍ਰੇਸ਼ਾਨ ਸੀ ਤੇ ਬੀਤੀ ਸਵੇਰ ਉਸ ਨੇ ਘਰ ਵਿੱਚ ਜ਼ਹਿਰੀਲੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਲਿਜਾਇਆ ਗਿਆ ਜਿਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।
ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮ੍ਰਿਤਕ ਗੁਰਲਾਭ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕਰਕੇ 10 ਲੱਖ ਮੁਆਵਜ਼ਾ ਦਿੱਤਾ ਜਾਵੇ।