ਬਠਿੰਡਾ: ਪੰਜਾਬ 'ਚ ਵਜੀਫ਼ਾ ਘੁਟਾਲੇ ਨੂੰ ਲੈ ਕੇ ਸਿਆਸਤ ਸਰਗਮ ਹੈ। ਬਠਿੰਡਾ ਵਿਖੇ ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਸ (ਜੈਕ) ਨੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ। ਇਸ ਪ੍ਰੈਸ ਕਾਨਫਰੰਸ ਰਾਹੀਂ ਇਹ ਦੱਸਿਆ ਗਿਆ ਕਿ ਦਲਿਤ ਵਿਦਿਆਰਥੀਆਂ ਨੂੰ ਪਿਛਲੇ ਕਈ ਸਾਲਾਂ ਤੋਂ ਸਕਾਲਰਸ਼ਿਪ ਨਹੀਂ ਮਿਲੀ। ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਹੈ।
ਸਿੱਖਿਆ ਮਾਹਿਰਾਂ ਨੇ ਦੱਸਿਆ ਕਿ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਤੇ ਦਲਿਤ ਵਰਗ ਦੇ ਬੱਚਿਆ ਨੂੰ ਚੰਗੀ ਸਿੱਖਿਆ ਮੁਹੱਇਆ ਕਰਵਾਉਣ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵੱਲੋਂ ਸਕਾਲਰਸ਼ਿਪ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਦੇ ਉਲਟ ਮੌਜੂਦਾ ਸਮੇਂ 'ਚ ਵਿਦਿਆਰਥੀਆਂ ਨੂੰ ਇਸ ਦਾ ਪੂਰਾ ਲਾਭ ਨਹੀਂ ਮਿਲ ਰਿਹਾ।
ਜੈਕ ਦੇ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਪੰਜਾਬ ਦੇ ਵਿੱਚ ਕੁੱਲ 1650 ਕਾਲਜ ਇਸ ਹਨ। ਕੇਂਦਰ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਲਈ ਜਾਰੀ ਕੀਤੀ ਗਈ ਸਕਾਲਰਸ਼ਿਪ ਦੀ ਰਕਮ 1850 ਕਰੋੜ ਰੁਪਏ ਬਕਾਇਆ ਹੈ। ਸਕਾਲਰਸ਼ਿਪ ਨਾ ਮਿਲਣ ਦੇ ਚਲਦੇ ਨਾਂ ਤਾਂ ਵਿਦਿਆਰਥੀ ਅਗਲੀ ਕਲਾਸਾਂ 'ਚ ਦਾਖਲਾ ਲੈ ਪਾ ਰਹੇ ਅਤੇ ਨਾਂ ਹੀ ਕਾਲਜਾਂ ਨੂੰ ਸਮੇਂ ਸਿਰ ਉਨ੍ਹਾਂ ਦੀ ਫੀਸ ਮਿਲ ਰਹੀ ਹੈ।
ਗੁਰਮੀਤ ਸਿੰਘ ਨੇ ਕਿਹਾ ਕਿ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਸਕਾਲਰਸ਼ਿਪ ਸਬੰਧੀ ਨੀਤੀਆਂ ਵੀ ਬਦਲ ਦਿੱਤੀਆਂ ਗਈਆਂ ਹਨ। ਇਸ ਮੁਤਾਬਕ ਹੁਣ ਸਕਾਲਰਸ਼ਿਪ ਦੀ ਰਕਮ ਸਿੱਧੇ ਵਿਦਿਆਰਥੀਆਂ ਦੇ ਖਾਤੇ 'ਚ ਆਵੇਗੀ।
ਪਿਛਲੇ ਚਾਰ ਸਾਲਾਂ ਤੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਕਾਲਰਸ਼ਿਪ ਨਹੀਂ ਮਿਲੀ ਹੈ। ਇਸ ਤੋਂ ਇਲਾਵਾ ਕਾਲਜਾਂ 'ਚ ਦਾਖਲੇ ਸਬੰਧੀ ਦੇਰੀ ਤੇ ਫੀਸ ਲਈ ਕਾਲਜ ਕਦੋਂ ਤੱਕ ਇੰਤਜ਼ਾਰ ਕਰਨਗੇ। ਇਸ ਨਾਲ ਸਿੱਖਿਆ ਪ੍ਰਣਾਲੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਵਜੀਫੇ ਨਾ ਮਿਲਣ ਦੇ ਚਲਦੇ ਕਾਲਜਾਂ 'ਚ ਪੜਨ ਵਾਲੇ ਦਲਿਤ ਵਿਦਿਆਰਥੀਆਂ ਦੀ ਗਿਣਤੀ ਘੱਟ ਗਈ ਹੈ। ਦਲਿਤ ਸਮਾਜ ਦੇ ਵਿਦਿਆਰਥੀਆਂ ਦੀ ਗਿਣਤੀ 3.50 ਲੱਖ ਤੋਂ ਘੱਟ ਕੇ 2. 50 ਹਜ਼ਾਰ ਰਹਿ ਗਈ ਹੈ।
ਇਸ ਮੌਕੇ ਜੈਕ ਦੇ ਮੈਂਬਰ ਅੰਸ਼ੂ ਕਟਾਰੀਆ ਨੇ ਕਿਹਾ ਕਿ 50 ਹਜ਼ਾਰ ਦੇ ਕਰੀਬ ਵਿਦਿਆਰਥੀ ਆਪਣੀ ਸਿੱਖਿਆ ਲਈ ਵਿਦੇਸ਼ਾਂ ਵਿੱਚ ਜਾ ਰਹੇ ਹਨ। ਪੰਜਾਬ ਦੇ ਕਾਲਜਾਂ 'ਚ ਦਲਿਤ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਉਹ ਬੇਹਤਰੀਨ ਕੋਸ਼ਿਸ਼ਾਂ ਕਰ ਰਹੇ ਹਨ ,ਪਰ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਨਾ ਕਰਨ ਕਰਕੇ ਹੁਣ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ।
ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਸਹੀ ਸਮੇਂ 'ਤੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਜਾਰੀ ਕਰਨੀ ਚਾਹੀਦੀ ਹੈ ਤਾਂ ਜੋ ਉਹ ਸਹੀ ਸਮੇਂ 'ਤੇ ਪੜਾਈ ਸ਼ੁਰੂ ਕਰ ਸਕਣ। ਮੌਜੂਦਾ ਸਮੇਂ 'ਚ ਕੇਂਦਰ ਤੇ ਸੂਬਾ ਸਰਕਾਰਾਂ ਦੀ ਗ਼ਲਤੀ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਜਲਦ ਤੋਂ ਜਲਦ ਵਿਦਿਆਰਥੀਆਂ ਦੀਆਂ ਸਕਾਲਰਸ਼ਿਪ ਜਾਰੀ ਕਰਨ ਦੀ ਅਪੀਲ ਕੀਤੀ ਤਾਂ ਜੋ ਵਿਦਿਆਰਥੀ ਆਪਣੀ ਪੜਾਈ ਪੂਰੀ ਕਰ ਸਕਣ।