ਬਠਿੰਡਾ : ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਵੱਲੋਂ ਅੱਜ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਕਹਿਣੀ ਅਤੇ ਕਥਨੀ ਵਿੱਚ ਫ਼ਰਕ ਹੈ। ਜਿੰਨਾ ਸਮਾਂ ਪਾਰਲੀਮੈਂਟ ਵਿੱਚ ਇਹ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਕਹਿਣੀ ਅਤੇ ਕਥਨੀ 'ਚ ਫਰਕ ਹੈ, ਇਸ ਲਈ ਇਨ੍ਹਾਂ ਤੇ ਯਕੀਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਸਬੰਧੀ ਫ਼ੈਸਲਾ ਲੈਣ ਦਾ ਅਧਿਕਾਰ ਸੰਯੁਕਤ ਕਿਸਾਨ ਮੋਰਚੇ ਕੋਲ ਹੈ। ਜੋ ਵੀ ਸੰਯੁਕਤ ਕਿਸਾਨ ਮੋਰਚਾ ਐਲਾਨ ਕਰੇਗਾ ਉਹ ਉਸ ਤੇ ਫੁੱਲ ਚੜ੍ਹਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਈ ਸਿਆਸੀ ਪਾਰਟੀਆਂ ਕ੍ਰੈਡਿਟ ਲੈਣ ਲਈ ਤਰਲੋ ਮੱਛੀ ਹੋ ਰਹੀਆਂ ਹਨ।
ਇਹ ਵੀ ਪੜ੍ਹੋ : ਗੁਰੂ ਨਾਨਕ ਗੁਰਪੁਰਬ 2021: ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ ਦਾ ਇਤਿਹਾਸ
ਕਿਸਾਨ ਆਗੂ ਨੇ ਕਿਹਾ ਕਿ ਪਿਛਲੇ ਦਿਨੀਂ ਭਾਜਪਾ ਵੱਲੋਂ ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੂੰ ਮੰਗ ਪੱਤਰ ਦੇ ਕੇ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕੀਤੀ ਸੀ, ਪਰ ਲੋਕ ਸਭ ਜਾਣਦੇ ਹਨ ਕਿ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸ ਕਿਸ ਦਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਸ ਸਭ ਤੋਂ ਵੱਧ ਯੋਗਦਾਨ ਉਨ੍ਹਾਂ ਲੋਕਾਂ ਦਾ ਹੈ, ਜਿਨ੍ਹਾਂ ਨੇ ਸਬਰ ਅਤੇ ਸੰਤੋਖ ਨਾਲ ਕਿਸਾਨ ਅੰਦੋਲਨ ਵਿੱਚ ਭਾਗ ਲਿਆ ਅਤੇ ਲਗਾਤਾਰ ਕੇਂਦਰ ਸਰਕਾਰ ਦੀ ਨੀਤੀਆਂ ਦਾ ਵਿਰੋਧ ਕੀਤਾ।
ਇਹ ਵੀ ਪੜ੍ਹੋ : ਖੇਤੀ ਕਾਨੂੰਨ ਰੱਦ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ 'ਤੇ ਕੀ ਪਵੇਗਾ ਅਸਰ?
ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਪੰਜਾਬ ਵਿੱਚ ਚੋਣਾਂ ਦਾ ਐਲਾਨ ਨਹੀਂ ਹੁੰਦਾ, ਉਨ੍ਹਾਂ ਸਮਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਦਾ ਵਿਰੋਧ ਜਾਰੀ ਰਹੇਗਾ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਐਵੇਂ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਰਾਜ਼ੀ ਨਹੀਂ ਹੋਈ, ਉਨ੍ਹਾਂ ਤੇ ਦਬਾਅ ਸੀ। ਉਨ੍ਹਾਂ ਕਿਹਾ ਕਿ ਪੰਜ ਸੂਬਿਆਂ ਦੀਆਂ ਚੋਣਾਂ ਸਿਰ ਤੇ ਹਨ ਅਤੇ ਦੇਸ਼ ਦੀ ਰਾਜਧਾਨੀ ਨੂੰ ਰਸਤਾ ਯੂਪੀ ਵਿੱਚ ਦੀ ਹੋ ਕੇ ਜਾਂਦਾ ਹੈ ਅਤੇ ਆਉਂਦੇ ਦਿਨਾਂ 'ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਯੂਪੀ ਵਿੱਚ ਵੱਡੀਆਂ-ਵੱਡੀਆਂ ਰੈਲੀਆਂ ਕੀਤੀਆਂ ਜਾਣੀਆਂ ਸਨ ਅਤੇ ਭਾਜਪਾ ਦਾ ਲਗਾਤਾਰ ਵਿਰੋਧ ਕੀਤਾ ਜਾਣਾ ਸੀ।
ਇਹ ਵੀ ਪੜ੍ਹੋ : ਦੀਪਇੰਦਰ ਸਿੰਘ ਪਟਵਾਲੀਆ ਨੂੰ ਕੀਤਾ ਗਿਆ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ