ਬਠਿੰਡਾ: ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦਾ ਕਹਿਣਾ ਕਿ ਕਿਸਾਨ ਨੂੰ ਹਰ ਤਰਫੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਝੋਨੇ ਲਗਾਉਣ ਲਈ ਉਸ ਨੂੰ ਅੱਠ ਘੰਟੇ ਬਿਜਲੀ ਨਹੀਂ ਦਿੱਤੀ ਜਾ ਰਹੀ, ਮਹਿੰਗਾ ਡੀਜ਼ਲ ਫੂਕ ਕੇ ਉਸ ਨੂੰ ਆਪਣੀ ਫਸਲ ਪਾਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸਭ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਸਕੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਬਣਾਈ SIT ਸਾਹਮਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੇਸ਼ ਹੋਣ ਸਬੰਧੀ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਕਿੰਨੇ ਹੀ ਕਮਿਸ਼ਨ ਅਤੇ SIT ਬਣਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਸਾਰੀਆਂ ਐੱਸਆਈਟੀ ਦਾ ਨਤੀਜਾ ਸਿਫ਼ਰ ਹੀ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਸਲ ਦੋਸ਼ੀਆਂ ਦੀ ਭਾਲ ਕਰਨੀ ਹੈ ਤਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਰਕੋਟਿਕ ਟੈਸਟ ਕੀਤਾ ਜਾਣਾ ਚਾਹੀਦਾ ਹੈ। ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਬੰਧੀ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਸਵਾਲਾਂ 'ਤੇ ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਸਿਰਫ਼ ਉਹ ਹੀ SIT ਪਸੰਦ ਆਵੇਗੀ, ਜਿਸ ਵਿੱਚ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਮੈਂਬਰ ਹੋਣਗੇ।
ਕੁਲਤਾਰ ਸੰਧਵਾਂ ਦਾ ਕਹਿਣਾ ਕਿ ਪੰਜਾਬ ਵਿੱਚ ਲਗਾਤਾਰ ਝੋਨੇ ਦੀ ਬਿਜਾਈ ਨੂੰ ਲੈ ਕੇ ਬਿਜਲੀ ਦੀ ਮੰਗ ਵਧੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਅੱਠ ਘੰਟੇ ਬਿਜਲੀ ਦੇਣ ਦੀ ਗੱਲ ਕੀਤੀ ਗਈ ਸੀ ਪਰ ਕਿਸਾਨਾਂ ਨੂੰ ਸਿਰਫ਼ ਚਾਰ ਤੋਂ ਪੰਜ ਘੰਟੇ ਹੀ ਬਿਜਲੀ ਮਿਲ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਫਸਲ ਦੀ ਬਿਜਾਈ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ।