ਬਠਿੰਡਾ: ਜ਼ਿਲ੍ਹੇ ਦੇ ਪਰਸਰਾਮ ਨਗਰ ਵਿਖੇ ਇੱਕ ਅਪਾਹਿਜ਼ ਔਰਤ ਵੱਲੋਂ ਆਪਣੀ ਭੈਣ ਨਾਲ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਮਹਿਲਾ ਨੇ ਆਪਣੇ ਪਰਿਵਾਰਿਕ ਮੈਂਬਰਾਂ ’ਤੇ ਇਲਜ਼ਾਮ ਲਗਾਇਆ ਕਿ ਜ਼ਮੀਨ ਜਾਇਦਾਦ ਪਿੱਛੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਨੂੰ ਜ਼ਮੀਨ ਦੇ ਕਾਗਜ਼ਾਂ ਚ ਮ੍ਰਿਤਕ ਐਲਾਨ ਕੀਤਾ ਹੋਇਆ ਹੈ ਜਦਕਿ ਉਹ ਦੋਵੇਂ ਭੈਣਾ ਜਿੰਦਾ ਹਨ। ਇਸ ਮਾਮਲੇ ਚ ਉਨ੍ਹਾਂ ਦੀ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀਂ ਕੀਤੀ ਜਾ ਰਹੀ ਹੈ।
ਮਾਮਲੇ ਸਬੰਧੀ ਅਪਾਹਿਜ ਜਸਵੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਜਾਇਦਾਦ ਹੜਪਣ ਲਈ ਦੋਵੇਂ ਭੈਣਾਂ ਨੂੰ ਕਾਗਜ਼ਾਂ ਵਿੱਚ ਮ੍ਰਿਤਕ ਕਰਾਰ ਕਰਵਾਇਆ ਗਿਆ ਹੈ, ਜਿਸ ਕਾਰਨ ਉਹ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜ਼ਬੂਰ ਹਨ। ਉਨ੍ਹਾਂ ਵੱਲੋਂ ਇਸ ਸਬੰਧ ਚ ਵਾਰ ਵਾਰ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਗਈ ਹੈ ਪਰ ਉਨ੍ਹਾਂ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ ਹੈ।
ਜਸਵੀਰ ਕੌਰ ਨੇ ਅੱਗੇ ਦੱਸਿਆ ਕਿ ਪਹਿਲਾਂ ਵੀ ਇਸ ਤਰ੍ਹਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਕੀਤਾ ਗਿਆ ਸੀ ਪਰ ਉਨ੍ਹਾਂ ਦੀ ਮਾਂ ਨੇ ਕਾਗਜ਼ਾਂ ’ਤੇ ਉਨ੍ਹਾਂ ਨੂੰ ਜਿਉਂਦਾ ਐਲਾਨ ਦਿੱਤਾ ਸੀ ਪਰ ਉਨ੍ਹਾਂ ਦੀ ਮਾਂ ਦੀ ਮੌਤ ਤੋਂ ਬਾਅਦ ਮੁੜ ਤੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਦੋਹਾਂ ਭੈਣਾਂ ਨੂੰ ਕਾਗਜ਼ਾਂ ’ਤੇ ਮ੍ਰਿਤ ਐਲਾਨ ਦਿੱਤਾ ਹੈ। ਜਿਸ ਸਬੰਧੀ ਉਨ੍ਹਾਂ ਨੇ ਕਈ ਵਾਰ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ ਜਿਸ ਕਾਰਨ ਉਨ੍ਹਾਂ ਵੱਲੋਂ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਮੰਗ ਕੀਤੀ ਕਿ ਜਲਦ ਉਨ੍ਹਾਂ ਲੋਕਾਂ ’ਤੇ 420 ਦਾ ਪਰਚਾ ਦਰਜ ਕੀਤਾ ਜਾਵੇ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਦੱਸ ਉਨ੍ਹਾਂ ਨੂੰ ਜ਼ਮੀਨ ਤੋਂ ਵਾਂਝੇ ਕੀਤਾ ਜਾ ਰਿਹਾ ਹੈ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਇਸੇ ਤਰ੍ਹਾਂ ਇੱਥੇ ਹੀ ਬੈਠ ਕੇ ਪ੍ਰਦਰਸ਼ਨ ਕਰਦੇ ਰਹਿਣਗੇ ਚਾਹੇ ਉਨ੍ਹਾਂ ਨੂੰ ਇੱਥੇ ਮਰਨਾ ਕਿਉਂ ਨਾ ਹੋਵੇ।
ਇਹ ਵੀ ਪੜੋ: ਪਾਕਿਸਤਾਨੀ ਸਰਹੱਦ ਤੋਂ 70 ਕਰੋੜ ਦੀ ਹੈਰੋਇਨ ਬਰਾਮਦ