ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਵਿੱਚ ਬਰਖਾਸਤ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਤੇ ਵੀਰਵਾਰ ਨੂੰ ਸੁਣਵਾਈ ਨਹੀਂ ਹੋਈ। ਪੰਜਾਬ ਸਰਕਾਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਪੈਰਵੀ ਕਰਨ ਦੇ ਲਈ ਸੁਪਰੀਮ ਕੋਰਟ ਤੋਂ ਇੱਕ ਵਕੀਲ ਪੇਸ਼ ਹੋਣ ਵਾਲੇ, ਉਹ ਪੇਸ਼ ਨਹੀਂ ਹੋਏ। ਇਸ ਮਾਮਲੇ ਦੀ ਸੁਣਵਾਈ ਨੂੰ ਮੁਲਤਵੀ ਕੀਤਾ ਜਾਵੇ। ਪੰਜਾਬ ਸਰਕਾਰ ਦੀ ਅਪੀਲ 'ਤੇ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਦੇ ਲਈ ਮੁਲਤਵੀ ਕਰ ਦਿੱਤੀ ਹੈ।
ਪਿਛਲੇ ਹਫ਼ਤੇ ਫ਼ਰੀਦਕੋਟ ਕੋਰਟ ਨੇ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਖਾਰਜ ਕਰ ਦਿੱਤਾ ਸੀ। ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਪਿਛਲੇ ਸਾਲ ਅਕਤੂਬਰ ਵਿੱਚ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲੀਕਾਂਡ ਕੇਸ ਵਿੱਚ ਨਾਮਜ਼ਦ ਕੀਤਾ ਸੀ ਅਤੇ ਇਸ ਸਾਲ 15 ਜਨਵਰੀ ਨੂੰ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ ਸੀ। ਇਸ ਤੋਂ ਬਾਅਦ ਉਮਰਾਨੰਗਲ ਨੇ ਗ੍ਰਿਫ਼ਤਾਰੀ ਤੋਂ ਬਚਣ ਦੇ ਲਈ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੇ ਲਈ ਪਟੀਸ਼ਨ ਦਾਖ਼ਲ ਕੀਤੀ ਸੀ। ਜ਼ਿਲ੍ਹਾ ਅਦਾਲਤ ਤੋਂ ਅਗਾਊਂ ਜ਼ਮਾਨਤ ਖਾਰਿਜ ਹੋਣ ਤੋਂ ਬਾਅਦ ਹੁਣ ਪਰਮਰਾਜ ਉਮਰਾਨੰਗਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਗੁਹਾਰ ਲਗਾਈ ਹੈ।