ਚੰਡੀਗੜ੍ਹ: ਟਰਾਂਸਪੋਰਟ ਵਿਭਾਗ ਵੱਲੋਂ ਫ਼ਰੀਦਕੋਟ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ। ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ(Transport Minister Mr. Amarinder Singh Raja Waring) ਦੇ ਹੁਕਮਾਂ ਦੀ ਪਾਲਣਾ ਕਰਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਯਮਾਂ ਦੀ ਉਲੰਘਣਾ 'ਤੇ ਨਿਊ ਦੀਪ ਦੀਆਂ 5 ਬੱਸਾਂ ਅਤੇ ਔਰਬਿਟ, ਟ੍ਰੈਵਲ ਪੁਆਇੰਟ, ਆਰ.ਐਸ. ਯਾਦਵ, ਲਿਬੜਾ, ਨਾਗਪਾਲ, ਡੱਬਵਾਲੀ, ਗੁਰੂ ਨਾਨਕ ਅਤੇ ਨੌਰਦਨ ਦੀ ਇੱਕ-ਇੱਕ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ।
ਇਸ ਦੌਰਾਨ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗ਼ੈਰ-ਕਾਨੂੰਨੀ ਢੰਗ ਨਾਲ ਚੱਲਣ ਵਾਲੀ ਹਰ ਇੱਕ ਬੱਸ ਸੜਕਾਂ ਤੋਂ ਉਤਰ ਨਹੀਂ ਜਾਂਦੀ।
ਉਨ੍ਹਾਂ ਕਿਹਾ ਕਿ ਸੂਬੇ ਦੇ ਟਰਾਂਸਪੋਰਟ ਸੈਕਟਰ ਨੂੰ ਲੀਹ 'ਤੇ ਲੈ ਕੇ ਆਉਣ ਲਈ ਹੀ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਆਪਰੇਟਰਾਂ 'ਤੇ ਨਕੇਲ ਕੱਸਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।
ਮੰਤਰੀ ਨੇ ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਸੁਚੇਤ ਕੀਤਾ ਕਿ ਉਹ ਅਪਣਾ ਬਣਦਾ ਟੈਕਸ ਛੇਤੀ ਤੋਂ ਛੇਤੀ ਭਰ ਦੇਣ ਅਤੇ ਵਾਹਨ ਦੇ ਕਾਗ਼ਜ਼ਾਤ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਟੈਕਸ ਚੋਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਵੱਲੋਂ ਤਿੰਨਾਂ ਸ਼ਹੀਦਾਂ ਦੇ ਪਰਿਵਾਰਾਂ ਲਈ 50-50 ਲੱਖ ਦੇਣ ਦਾ ਐਲਾਨ