ਚੰਡੀਗੜ੍ਹ: ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਾਂ ਪੈਣਗੀਆਂ। ਵੋਟਾਂ ਲਈ 19 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਸੂਬੇ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਵੋਟਾਂ ਪੈਣ ਦਾ ਅਮਲ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਚੋਣ ਅਮਲਾ ਵੋਟਾਂ ਪਵਾਉਣ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਗਿਆ ਹੈ।
ਮਿਉਂਸਿਪਲ ਚੋਣਾਂ ਲਈ ਕੁੱਲ 2302 ਵਾਰਡਾਂ ਲਈ ਕੁੱਲ 9,222 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸ਼ਹਿਰੀ ਸੰਸਥਾਵਾਂ ਦੀਆਂ ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਨੇ 2037, ਸ਼੍ਰੋਮਣੀ ਅਕਾਲੀ ਦਲ ਨੇ 1569, ਭਾਜਪਾ ਨੇ 1003, ਆਮ ਆਦਮੀ ਪਾਰਟੀ ਨੇ 1006 ਅਤੇ ਬਹੁਜਨ ਸਮਾਜ ਪਾਰਟੀ ਨੇ 106 ਉਮੀਦਵਾਰਾਂ ਸਮੇਤ ਹੋਰਨਾਂ ਪਾਰਟੀਆਂ ਨੇ ਵੀ ਆਪਣੇ ਉਮੀਦਵਾਰ ਮੈਦਾਨ ’ਚ ਉਤਾਰੇ ਹਨ। ਇਸੇ ਤਰ੍ਹਾਂ 2832 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।