ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਹੋਈ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਇਸ ਸਹੁੰ ਚੁੱਕ ਸਮਾਗਮ ਉਤੇ ਤਕਰੀਬਨ 2 ਕਰੋੜ ਰੁਪਏ ਖਰਚ ਹੋਣਗੇ। ਇਸ ਬਾਰੇ ਵਿੱਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ 2 ਕਰੋੜ ਦੀ ਮਨਜ਼ੂਰੀ ਦਿੱਤੀ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਸ਼ੁੱਕਰਵਾਰ ਨੂੰ ਮੋਹਾਲੀ ਵਿੱਚ ਹੋਈ ਸੀ। ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ 17 ਮੰਤਰੀ ਨਵੀਂ ਕੈਬਨਿਟ ਵਿੱਚ ਹੋਣਗੇ। ਉਹ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 16 ਮਾਰਚ ਨੂੰ ਸਿਰਫ਼ ਉਹ ਹੀ ਨਹੀਂ ਬਲਕਿ ਪੰਜਾਬ ਦੀ ਖੁਸ਼ਹਾਲੀ ਲਈ ਪੂਰੇ ਪੰਜਾਬ ਦੇ ਲੋਕ ਸਹੁੰ ਚੁੱਕਣਗੇ।
ਦੱਸ ਦੇਈਏ ਕਿ 16 ਮਾਰਚ ਨੂੰ ਇਹ ਸਮਾਗਮ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਰਾਹ 'ਤੇ ਚਲਦਿਆਂ ਪੰਜਾਬ ਦੀ ਖੁਸ਼ਹਾਲੀ ਲਈ ਵੱਡੇ ਫੈਸਲੇ ਲਏ ਜਾਣਗੇ।
ਇਹ ਵੀ ਪੜ੍ਹੋ: ਲੁਧਿਆਣਾ ਤੋਂ ਕਿਹੜਾ ਵਿਧਾਇਕ ਹੋ ਸਕਦਾ ਹੈ ਆਪ ਦੇ ਮੰਤਰੀ ਮੰਡਲ ’ਚ ਸ਼ਾਮਿਲ ? ਵੇਖੋ ਖਾਸ ਰਿਪੋਰਟ...