ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ 'ਚ ਸ਼ਾਮਲ ਹੋਣ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ। ਇਹ ਐਲਾਨ ਨਵੇਂ ਬਣੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੇ ਅਹੁਦਾ ਸੰਭਾਲਣ ਵੇਲੇ ਕੀਤਾ।
ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਲਈ ਰਹਿਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁੱਜਣ ਉਪਰੰਤ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਦਰਸ਼ਨ ਕਰਵਾਉਣ ਦੀ ਵੀ ਗੱਲ ਆਖੀ।
ਰਾਣਾ ਸੋਢੀ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨਾਲ ਸਬੰਧਿਤ ਜਾਇਦਾਦ ਤੇ ਵਿਆਹਾਂ ਦੇ ਝਗੜੇ ਦੇ ਕੇਸਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਇਕ ਢੁੱਕਵੀਂ ਕਾਰਜਸ਼ੈਲੀ ਬਣਾਈ ਜਾਵੇਗੀ।
ਇਸ ਤੋਂ ਇਾਲਾਵਾ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਹਰ ਸਾਲ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੇ ਪਰਵਾਸੀ ਪੰਜਾਬੀਆਂ ਨੂੰ 'ਅਚੀਵਰ ਐਵਾਰਡ' ਦੇਣ ਲਈ ਚੋਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਐਵਾਰਡ ਅਗਲੇ ਸਾਲ ਤੋਂ ਸ਼ੁਰੂ ਕੀਤੇ ਜਾਣਗੇ ਤੇ ਪਰਵਾਸੀ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।