ਚੰਡੀਗੜ੍ਹ: ਕੋਵਿਡ-19 ਦੇ ਚਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਘਟਾਉਣ ਲਈ ਕਈ ਕਦਮਾਂ ਦਾ ਐਲਾਨ ਕੀਤਾ ਹੈ। ਉਨਾਂ ਨੇ ਸਥਿਤੀ ਨੂੰ ਹੋਰ ਪ੍ਰਭਾਵੀ ਤਰੀਕੇ ਨਾਲ ਸੰਭਾਲਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਲਈ ਵੀ ਕੁਝ ਐਲਾਨ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਨੂੰ ਜਾਰੀ ਰੱਖਣਾ ਜ਼ਰੂਰੀ ਹੈ ਅਤੇ ਇਸ ਨੂੰ ਚੰਗਾ ਹੁੰਗਾਰਾ ਵੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਪੂਰੀ ਤਰ੍ਹਾਂ ਡਿਪਟੀ ਕਮਿਸ਼ਨਰਾਂ ਦੀ ਨਿਗਰਾਨੀ ਹੇਠ ਸਖ਼ਤੀ ਨਾਲ ਲਾਗੂ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰ ਹੀ ਇਹ ਯਕੀਨੀ ਬਣਾਉਣਗੇ ਕਿ ਜ਼ਰੂਰੀ ਸਾਮਾਨ ਦੀ ਸਪਲਾਈ ਅਤੇ ਸੇਵਾਵਾਂ ਲੋਕਾਂ ਦੀ ਪਹੁੰਚ ਵਿੱਚ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਦੂਰੀ ਬਣਾਈ ਰੱਖਣਾ ਅਤੇ ਕੋਰੋਨਾ ਪ੍ਰਭਾਵਿਤ ਮੁਲਕਾਂ ਤੋਂ ਵਾਪਸ ਆਉਣ ਵਾਲੇ ਸਾਰੇ ਲੋਕਾਂ ਨੂੰ ਲੱਭਣਾ ਤੇ ਉਨ੍ਹਾਂ ਦੀ ਜਾਂਚ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਸੂਬੇ ਵਿੱਚ 94000 ਐਨ.ਆਰ.ਆਈਜ਼. ਅਤੇ ਵਿਦੇਸ਼ੀ ਪਰਤੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤਿਆਂ ਦਾ ਪਤਾ ਕਰ ਲਿਆ ਗਿਆ ਹੈ ਅਤੇ ਲਗਭਗ 30,000 ਨੂੰ ਇਕਾਂਤ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀਆਂ ਨੂੰ ਵੀ ਲੱਭਣ ਦੇ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ’ਚੋਂ ਆਉਣ ਵਾਲੇ ਕਿਸੇ ਵੀ ਨਵੇਂ ਵਿਅਕਤੀ ’ਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ।
ਕੋਰੋਨਾ ਵਾਇਰਸ ਵਿਚਕਾਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤੇ 10 ਵੱਡੇ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਧਾਰਾ 188 ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ 48,000 ਵਿਅਕਤੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਾਹਰ ਨਿਕਲਣ ਤੋਂ ਰੋਕਣ ਲਈ ਕਰੜੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਘਰੇਲੂ ਇਕਾਂਤਵਾਸ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਸਰਪੰਚ ਜਾਂ ਨੰਬਰਦਾਰ ਇਲਾਕਾ ਮੈਜਿਸਟ੍ਰੇਟ, ਡੀ.ਐਸ.ਪੀ. ਜਾਂ ਐਸ.ਐਚ.ਓ. ਨੂੰ ਰਿਪੋਰਟ ਕੀਤਾ ਜਾਵੇ ਜਾਂ ਫਿਰ 112 ਨੰਬਰ ’ਤੇ ਪੁਲਿਸ ਨੂੰ ਕਾਲ ਕਰਕੇ ਦੱਸਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾਗਰਿਕਾਂ ਨੂੰ ਨਾ ਤਾਂ ਕੋਈ ਮੁਸ਼ਕਲ ਪੇਸ਼ ਆਵੇ ਤੇ ਨਾ ਹੀ ਇਸ ਔਖੇ ਸਮੇਂ ਵਿੱਚ ਉਹ ਤੰਗ-ਪ੍ਰੇਸ਼ਾਨ ਹੋਣ।