ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਿਸਾਨ, ਮਜ਼ਦੂਰ, ਵਪਾਰੀ ਬਚਾਓ ਮੁਹਿੰਮ ਤਹਿਤ ਦਸੰਬਰ ਮਹੀਨੇ ਪੰਜਾਬ ਦੇ ਮੌੜ ਮੰਡੀ ਵਿੱਚ ਕੀਤੀ ਜਾਣ ਵਾਲੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਇਹ ਰੈਲੀਆਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਮੁਲਤਵੀ ਕੀਤੀਆਂ ਗਈਆਂ ਹਨ।
ਆਪ ਆਗੂ ਨੇ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਦਿੱਲੀ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਆਪਣਾ ਅੰਦੋਲਨ ਕਰ ਰਿਹਾ ਹੈ, ਇਸ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ 4, 13 ਅਤੇ 20 ਦਸੰਬਰ ਨੂੰ ਕੀਤੀਆਂ ਜਾਣ ਰੈਲੀਆਂ ਮੁਲਤਵੀ ਕੀਤੀਆਂ ਹਨ, ਜਿਨ੍ਹਾਂ ਅਗਲੀ ਮਿਤੀ ਬਾਅਦ ਵਿੱਚ ਐਲਾਨੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਆਗੂ, ਵਰਕਰ-ਵਲੰਟੀਅਰ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਉਮੀਦ ਸੀ ਕਿ 26-27 ਦੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਮੋਦੀ ਸਰਕਾਰ ਮੰਗਾਂ ਦਾ ਹੱਲ ਕਰੇਗੀ, ਪ੍ਰੰਤੂ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਇਹ ਸੰਘਰਸ਼ ਲੰਮਾ ਚੱਲ ਸਕਦਾ ਹੈ, ਇਸ ਲਈ ਇਹ ਰੈਲੀਆਂ ਮੁਲਤਵੀ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਤਰ੍ਹਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਆਗੂ ਕੰਮਾਂ ਵਿਚ ਲੱਗੇ ਹੋਏ ਹਨ।