ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ ਅਤੇ ਮਾਨ ਨੇ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਜ਼ਰੂਰੀ ਵਸਤਾਂ ਸੋਧ ਐਕਟ 2020 ਨੂੰ ਲਾਗੂ ਕਰਨ ਲਈ ਸੰਸਦੀ ਦੀ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਸਹਿਮਤੀ ਦਿੱਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੁੰ ਅੱਜ ਬਾਘਾਪੁਰਾਣਾ ਵਿਖੇ ਆਪ ਦੀ ਰੈਲੀ ਦੌਰਾਨ ਭਗਵੰਤ ਮਾਨ ਵੱਲੋਂ ਕੀਤੇ ਗੁਨਾਹ ਦੀ ਮੁਆਫੀ ਮੰਗਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮੁਆਫੀ ਨਾ ਮੰਗਣ ਨਾਲ ਹੀ ਇਹ ਸਾਬਤ ਹੋ ਜਾਂਦਾ ਹੈ ਕਿ ਕੇਜਰੀਵਾਲ ਨੇ ਕਿਸਾਨਾਂ ਦੇ ਹਿੱਤ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੁੰ ਵੇਚ ਦਿੱਤੇ ਹਨ।
ਡਾ. ਚੀਮਾ ਨੇ ਕਿਹਾ ਕਿ ਆਪ ਲੀਡਰਸ਼ਿਪ ਨੇ ਬਿਨਾਂ ਸ਼ੱਕ ਦੇ ਇਹ ਸਾਬਤ ਕਰ ਦਿੱਤਾ ਹੈ ਕਿ ਕੇਜਰੀਵਾਲ ਅਤੇ ਮਾਨ ਦੋਵੇਂ ਕਿਸਾਨਾਂ ਦੇ ਖ਼ਿਲਾਫ਼ ਸਾਜ਼ਿਸ਼ ਵਿੱਚ ਅਪਰਾਧ ਵਿੱਚ ਬਰਾਬਰ ਦੇ ਭਾਈਵਾਲ ਹਨ। ਉਨ੍ਹਾਂ ਕਿਹਾ ਕਿ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਭਗਵੰਤ ਮਾਨ ਨੇ ਕਿਸਾਨਾਂ ਖ਼ਿਲਾਫ਼ ਇਹ ਗੁਨਾਹ ਦਿੱਲੀ ਦੇ ਮੁੱਖ ਮੰਤਰੀ ਦੀ ਸਹਿਮਤੀ ਨਾਲ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ ਨੇ ਕੇਂਦਰ ਸਰਕਾਰ ਨਾਲ ਦੇਸ਼ ਦੇ ਕਿਸਾਨਾਂ ਦੀ ਕੀਮਤ ’ਤੇ ਸੌਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹੁਣ ਬੇਨਕਾਬ ਹੋ ਗਿਆ ਹੈ।
ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਭਾਜਪਾ ਸਰਕਾਰ ਦਾ ਕਹਿਣਾ ਮੰਨਿਆ ਸੀ। ਉਨ੍ਹਾਂ ਕਿਹਾ ਕਿ ਮਾਨ ਨੇ ਸੰਸਦ ਵਿੱਚ ਜ਼ਰੂਰੀ ਵਸਤਾਂ ਐਕਟ ਵਿੱਚ ਸੋਧ ਵੇਲੇ ਲੋਕ ਸਭਾ ਵਿਚੋਂ ਵਾਕ ਆਊਟ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਸਮੇਂ ਮਾਨ ਇਹ ਝੂਠਾ ਦਾਅਵਾ ਕੀਤਾ ਸੀ ਕਿ ਬਿੱਲ ਲਈ ਵੋਟਿੰਗ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਹੁਣ ਮਾਨ ਨੇ ਇਸੇ ਐਕਟ ਵਿਚ ਸੋਧ ਲਈ ਹਮਾਇਤ ਦਿੱਤੀ ਹੈ ਜਿਸ ਵਾਸਤੇ ਉਹ ਕਾਰਪੋਰੇਟ ਘਰਾਣਿਆਂ ਨਾਲ ਰਲ ਗਿਆ ਹੈ ਤੇ ਉਨ੍ਹਾਂ ਉੱਤੇ ਕੇਂਦਰ ਸਰਕਾਰ ਦੇ ਲਾਭ ਲਈ ਅਜਿਹਾ ਕੁਝ ਕੀਤਾ ਹੈ। ਅਕਾਲੀ ਆਗੂ ਨੇ ਆਪ ਦੇ ਕਨਵੀਨਰ ਵੱਲੋਂ ਬਾਘਾਪੁਰਾਣਾ ਪ੍ਰੋਗਰਾਮ ਦੌਰਾਨ ਪੰਜਾਬੀਆਂ ਨੂੰ ਆਪਣੇ ਗੁੰਮਰਾਹਕੁੰਨ ਪ੍ਰਾਪੇਗੰਡਾ ਰਾਹੀਂ ਗੁੰਮਰਾਹ ਕਰਨ ਦੀ ਵੀ ਨਿਖੇਧੀ ਕੀਤੀ।
ਡਾ. ਚੀਮਾ ਨੇ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀਆਂ ਜੇਲ੍ਹਾਂ ਵਿੱਚ ਡੱਕੇ ਸਿੱਖ ਨੌਜਵਾਨਾਂ ਦੇ ਕੱਕਾਰਾਂ ਦੀ ਬੇਦਅਬੀ ਕਰਨ ਲਈ ਵੀ ਕੇਜਰੀਵਾਲ ਦੀ ਨਿਖੇਧੀ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੇ ਦੱਸਿਆ ਹੈ ਕਿ ਤਿਹਾੜ ਜੇਲ੍ਹ ਜੋ ਕਿ ਤੁਹਾਡੀ ਨਿਗਰਾਨੀ ਹੇਠ ਹੈ, ਵਿੱਚ ਕਿਵੇਂ ਸਿੱਖ ਕੱਕਾਰਾਂ ਦੀ ਬੇਦਅਬੀ ਕੀਤੀ ਗਈ ਤੇ ਕਿਵੇਂ ਦਿੱਲੀ ਸਰਕਾਰ ਦੇ ਐਡਵੋਕੇਟ ਜਨਰਲ ਨੇ ਅਦਾਲਤਾਂ ਵਿਚ ਸਿੱਖ ਨੌਜਵਾਨਾਂ ਦੀਆਂ ਜ਼ਮਾਨਤਾਂ ਦਾ ਵਿਰੋਧ ਕੀਤਾ।
ਸਾਬਕਾ ਮੰਤਰੀ ਨੇ ਨੌਜਵਾਨਾਂ ਨੁੰ ਇਹ ਵੀ ਅਪੀਲ ਕੀਤੀ ਕਿ ਉਹ ਕੇਜਰੀਵਾਲ ਵੱਲੋਂ ਸੂਬੇ ਵਿੱਚ ਆਪ ਸਰਕਾਰ ਆਉਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਨੌਕਰੀਆਂ ਦੇਣ ਦੇ ਪੂਰੇ ਨਾ ਕੀਤੇ ਵਾਅਦੇ ਪੂਰੇ ਕਰਨ ਦੇ ਕੀਤੇ ਦਾਅਵੇ ਤੋਂ ਗੁੰਮਰਾਹ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਉਹੀ ਵਿਅਕਤੀ ਹੈ ਜਿਸ ਨੇ ਪਹਿਲਾਂ ਇਹ ਦਾਅਵਾ ਕੀਤਾ ਸੀ ਕਿ ਉਹ ਆਪਣੇ ਬੱਚਿਆਂ ਦੀ ਸਹੁੰ ਚੁੱਕਦਾ ਹੈ ਕਿ ਉਹ ਕਦੇ ਵੀ ਕਾਂਗਰਸ ਜਾਂ ਭਾਜਪਾ ਨਾਲ ਸਮਝੌਤਾ ਨਹੀਂ ਕਰੇਗਾ ਪਰ ਫਿਰ ਇਸ ਨੇ ਕਾਂਗਰਸ ਪਾਰਟੀ ਨਾਲ ਰਲ ਕੇ ਸਰਕਾਰ ਬਣਾ ਲਈ। ਉਨ੍ਹਾਂ ਕਿਹਾ ਕਿ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਤੇ ਦਸਮ ਪਿਤਾ ਦੇ ਚਰਨਾਂ ਦੀ ਝੂਠੀ ਸਹੁੰ ਚੁੱਕੀ, ਉਸੇ ਤਰੀਕੇ ਕੇਜਰਵਾਲ ’ਤੇਵੀ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।