ਚੰਡੀਗੜ੍ਹ: ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਸਮੇਂ-ਸਮੇਂ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ 'ਤੇ ਸਵਾਲ ਚੁੱਕਦੀ ਰਹਿੰਦੀ ਹੈ। ਇਸੇ ਤਹਿਤ ਹੁਣ ਮੌਨਸੂਨ ਦੇ ਮੱਦੇਨਜ਼ਰ ਆਪ ਆਗੂਆਂ ਵੱਲੋਂ ਡ੍ਰੇਨਾਂ ਦੀ ਸਫ਼ਾਈ ਦਾ ਮੁੱਦਾ ਚੁੱਕਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ 60 ਪ੍ਰਤੀਸ਼ਤ ਡ੍ਰੇਨਾਂ ਦੀ ਸਫ਼ਾਈ ਕੀਤੀ ਜਾ ਚੁੱਕੀ ਹੈ। ਇਸੇ ਬਿਆਨ ਦੇ ਤਹਿਤ ਆਪ ਆਗੂਆਂ ਨੇ ਸਰਕਾਰ ਨੂੰ ਕਿਹਾ ਹੈ ਕਿ ਬਾਕੀ ਦੀਆਂ 40 ਪ੍ਰਤੀਸ਼ਤ ਡ੍ਰੇਨਾਂ ਦੀ ਵੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਕਿਸਾਨੀ ਨੂੰ ਡੁੱਬਣ ਤੋਂ ਬਚਾਇਆ ਜਾ ਸਕੇ।
ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕੈਪਟਨ ਸਰਕਾਰ ਨੂੰ ਮੰਗ ਕਰਦਿਆਂ ਕਿਹਾ ਕਿ ਜਲਦੀ ਤੋਂ ਜਲਦੀ ਨਾਲਿਆਂ ਅਤੇ ਡ੍ਰੇਨਾਂ ਦੀ ਸਫ਼ਾਈ ਕਰਵਾਈ ਜਾਵੇ ਕਿਉਂਕਿ ਮੌਨਸੂਨ ਸਿਰ 'ਤੇ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਆਵਜ਼ੇ ਦੀ ਗੱਲ ਕਰਦੀ ਹੈ, ਇਸ ਦੀ ਥਾਂ ਸਰਕਾਰ ਨੂੰ ਚਾਹੀਦਾ ਹੈ ਕਿ ਵਾਧੂ ਫੰਡ ਜਾਰੀ ਕਰਕੇ ਪਹਿਲਾਂ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਦੇ ਨੁਕਸਾਨ ਨੂੰ ਬਚਾਇਆ ਜਾਵੇ।
ਇਹ ਵੀ ਪੜ੍ਹੋ: ਕਾਂਗਰਸੀ ਵਿਕਾਸ ਕਾਰਜ ਦੀ ਖੁੱਲ੍ਹੀ ਪੋਲ, ਆਪ ਆਗੂਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ
ਉਧਰ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਡ੍ਰੇਨਾਂ ਦੀ ਸਫ਼ਾਈ ਕਰਨ ਵਿੱਚ ਬਹੁਤ ਲੇਟ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੈਪਟਨ ਸਾਹਿਬ ਕਹਿੰਦੇ ਹਨ ਕਿ ਉਹ ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ ਨਹੀਂ ਬਣਨ ਦੇਣਗੇ ਅਤੇ ਦੂਜੇ ਅਜੇ ਤੱਕ ਵੀ 40 ਪ੍ਰਤੀਸ਼ਤ ਡ੍ਰੇਨਾਂ ਦੀ ਸਫ਼ਾਈ ਦਾ ਕੰਮ ਬਾਕੀ ਹੈ। ਉਨ੍ਹਾਂ ਨੇ ਇਸ ਨੂੰ ਸਰਕਾਰ ਦੀ ਨਲਾਇਕੀ ਕਰਾਰ ਦਿੱਤਾ।