ਚੰਡੀਗੜ੍ਹ: ਸੂਬੇ ’ਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਗਏ ਬਿਆਨਾਂ ਤੋਂ ਬਾਅਦ ਸਿਆਸਤ ਕਾਫੀ ਗਰਮਾ ਗਈ ਹੈ। ਆਪ ਵਿਧਾਇਕ ਜੈ ਕਿਸ਼ਨ ਰੋੜੀ ਨੇ ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ਨੂੰ ਕੈਪਟਨ ਅਤੇ ਨਵਜੋਤ ਸਿੰਘ ਸਿੱਧੂ ਦੀ ਮਿਲੀਭੁਗਤ ਦੱਸਿਆ ਹੈ।
ਇਸ ਮਸਲੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਦੇ ਤਹਿਤ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਸਲਾਹਕਾਰਾਂ ਵੱਲੋਂ ਇਸ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਹ ਇੱਕ ਸੋਚੀ ਸਮਝੀ ਸਾਜਿਸ਼ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੈਪਟਨ ਅਤੇ ਸਿੱਧੂ ਨੂੰ ਚਾਹੀਦਾ ਹੈ ਕਿ ਉਹ ਇੱਕ ਦੂਜੇ ’ਤੇ ਬਿਆਨਬਾਜ਼ੀ ਕਰਨ ਦੀ ਥਾਂ ’ਤੇ ਸੂਬੇ ਦੇ ਅਸਲ ਮਸਲਿਆਂ ਵੱਲ ਧਿਆਨ ਦੇਣ।
ਆਪ ਵਿਧਾਇਕ ਨੇ ਇਹ ਵੀ ਕਿਹਾ ਕਿ ਪੰਜਾਬ ’ਚ ਹਰ ਵਰਗ ਪਰੇਸ਼ਾਨ ਹੈ ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੇ ਮਸਲਿਆਂ ’ਤੇ ਧਿਆਨ ਦੇਣ। ਜੋ ਕਿ ਪੰਜਾਬ ਦੇ ਲਈ ਚੰਗਾ ਹੋਵੇਗਾ ਅਤੇ ਇਹ ਉਨ੍ਹਾਂ ਲਈ ਵੀ ਚੰਗਾ ਹੋਵੇਗਾ।
ਇਹ ਵੀ ਪੜੋ: ਵਿਵਾਦ ਤੋਂ ਬਾਅਦ ਸਿੱਧੂ ਵੱਲੋਂ ਸਲਾਹਕਾਰ ਤਲਬ !
ਕਾਬਿਲੇਗੌਰ ਹੈ ਕਿ ਮਾਮਲੇ ਵਿੱਚ ਮੁੱਖ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਬਿਆਨਾਂ ਦੀ ਨਿਖੇਧੀ ਕਰਨ ‘ਤੇ ਸਿੱਧੂ ਨੇ ਆਪਣੇ ਦੋਵੇਂ ਸਲਾਹਕਾਰ ਡਾਕਟਰ ਪਿਆਰੇ ਲਾਲ ਗਰਗ ਤੇ ਮਾਲਵਿੰਦਰ ਸਿੰਘ ਮੱਲ੍ਹੀ ਨੂੰ ਪਟਿਆਲਾ ਸਥਿਤ ਰਿਹਾਇਸ਼ ‘ਤੇ ਤਲਬ ਕਰ ਲਿਆ ਹੈ। ਹੁਣ ਛੇਤੀ ਹੀ ਸਾਹਮਣੇ ਆ ਜਾਏਗਾ ਕਿ ਸਿੱਧੂ ਦੋਵਾਂ ਨੂੰ ਨੱਥ ਪਾਉਣ ਵਿੱਚ ਕਾਮਯਾਬ ਹੁੰਦੇ ਹਨ ਜਾਂ ਫੇਰ ਉਨ੍ਹਾਂ ਦੀ ਸੁਰ ‘ਚ ਸੁਰ ਮਿਲਾਉਂਦੇ ਹਨ।