ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ, ਵਪਾਰੀਆਂ, ਆੜ੍ਹਤੀਏ, ਮਜ਼ਦੂਰਾਂ ਨੂੰ ਕੁਚਲਨ ਦੇ ਮਨਸੂਬੇ ਨਾਲ ਲਿਆਂਦੇ ਗਏ ਨਵੇਂ ਖੇਤੀ ਕਾਲੇ ਕਾਨੂੰਨਾਂ ਅਤੇ ਦਮਨਕਾਰੀ ਨੀਤੀ ਖ਼ਿਲਾਫ਼ ਆਮ ਆਦਮੀ ਪਾਰਟੀ ਨੇ 14 ਦਸੰਬਰ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ ਉੱਤੇ ਹੈਡਕੁਆਰਟਰਾਂ ਉਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਘਿਰਾਓ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।
ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੁਨੀਆ ਵਿਚੋਂ ਸਭ ਤੋਂ ਮਜ਼ਬੂਤ ਲੋਕਤੰਤਰ ਦੇਸ਼ ਨੂੰ ਇੱਕ ਤਾਨਾਸ਼ਾਹੀ ਦੇਸ਼ ਬਣਾਉਣ ਦੀਆਂ ਨੀਤੀਆਂ ਉੱਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਲਈ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਦਾ ਕਿਸਾਨ, ਵਪਾਰੀ, ਆੜਤੀਆ ਅਤੇ ਮਜ਼ਦੂਰ ਸੜਕਾਂ ਉੱਤੇ ਉਤਰੇ ਹੋਏ ਹਨ, ਦੂਜੇ ਪਾਸੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਝੂਠੇ ਪ੍ਰਚਾਰ ਅਤੇ ਦਮਨਕਾਰੀ ਨੀਤੀ ਨਾਲ ਅੰਦੋਲਨ ਨੂੰ ਖ਼ਤਮ ਕਰਵਾਉਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਨਾਸ਼ਾਹੀ ਨੀਤੀ ਅਪਣਾਉਂਦੇ ਹੋਏ ਬਲ ਦੇ ਜ਼ੋਰ ਨਾਲ ਕਿਸਾਨਾਂ ਉੱਤੇ ਖੇਤੀ ਕਾਲੇ ਕਾਨੂੰਨ ਥੋਪਣਾ ਚਾਹੁੰਦੀ ਹੈ, ਜੋ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਆਮ ਆਦਮੀ ਪਾਰਟੀ ਸੰਘਰਸ਼ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਖੇਤੀ ਕਾਨੂੰਨ ਵਾਪਸ ਕਰਾਉਣ ਦੇ ਸੰਘਰਸ਼ 'ਚ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ 'ਆਪ'
ਮਾਨ ਨੇ ਕਿਹਾ ਕਿ ਪਾਰਟੀ ਆਪਣੀ ਹੋਂਦ ਦੀ ਲੜਾਈ ਲੜ ਰਹੇ ਅੰਦੋਲਨਕਾਰੀ ਕਿਸਾਨਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ 'ਆਪ' ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਉੱਤੇ ਕੇਂਦਰ ਦੀ ਤਾਨਾਸ਼ਾਹੀ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਹੈੱਡਕੁਆਟਰ ਦਾ ਕੀਤੇ ਜਾ ਰਹੇ ਘਿਰਾਓ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਦੋਂ ਤੱਕ ਸੰਘਰਸ਼ ਵਿੱਚ ਡਟੀ ਰਹੇਗੀ, ਜਦੋਂ ਤੱਕ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ।