ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਗਾਇਕਾ ਅਨਮੋਲ ਗਗਨ ਮਾਨ ਨੇ ਪ੍ਰੈੱਸ ਵਾਰਤਾ ਕਰ ਮੋਗਾ ਦੇ ਨੌਜਵਾਨ ਅਰਸ਼ ਉਮਰੀਆਣਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਅਰਸ਼ ਉਮਰੀਆਣਾ ਸਾਈਕਲ ਤੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ।
ਇਸ ਦੌਰਾਨ ਅਨਮੋਲ ਗਗਨ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਦੇ ਮੰਤਰੀ ਘੋਟਾਲਾ ਕਰ ਰਹੇ ਹਨ ਤੇ ਮੁੱਖ ਮੰਤਰੀ ਉਨ੍ਹਾਂ ਨੂੰ ਕਲੀਨ ਚਿੱਟ ਦੇ ਰਹੇ ਹਨ। ਲੋਕਾਂ ਦੇ ਟੈਕਸ ਦਾ ਪੈਸਾ ਲਗਾਤਾਰ ਸਰਕਾਰ ਦੇ ਮੰਤਰੀ ਖਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਮਹਾਂਮਾਰੀ ਵਿੱਚ ਸਿਹਤ ਵਿਭਾਗ ਵੱਲੋਂ ਕੀਤੇ ਫਤਿਹ ਕਿੱਟ ਘੁਟਾਲੇ ਦੇ ਮਾਮਲੇ ਵਿੱਚ ਆਪਣੇ ਮੰਤਰੀ ਨੂੰ ਵੀ ਕਲੀਨ ਚਿੱਟ ਦੇ ਦਿੱਤੀ ਅਤੇ ਸੂਬੇ ਵਿੱਚ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੇ ਵਧਾਏ ਗਏ ਪੈਸੇ ਕਿੱਥੇ ਜਾ ਰਹੇ ਹਨ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਵਾਲ
ਇਸ ਦੌਰਾਨ ਈਟੀਵੀ ਭਾਰਤ ਵੱਲੋਂ ਅਨਮੋਲ ਗਗਨ ਮਾਨ ਨੂੰ ਸਵਾਲ ਪੁੱਛਿਆ ਗਿਆ ਕਿ ਸੂਬੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਖ਼ਿਲਾਫ਼ ਅਕਾਲੀ ਦਲ ਆਮ ਆਦਮੀ ਪਾਰਟੀ ਭਾਜਪਾ ਸਣੇ ਖੱਬੇ ਪੱਖੀਆਂ ਪਾਰਟੀਆਂ ਪ੍ਰਦਰਸ਼ਨ ਕਰ ਰਹੀਆਂ ਹਨ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਪ੍ਰਦਰਸ਼ਨ ਹੋਰ ਤੇਜ਼ ਹੋਣਗੇ। ਇਸ ਦਾ ਜਵਾਬ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਆਪ ਵੱਲੋਂ ਕੋਰੋਨਾ ਵਾਇਰਸ ਨਿਯਮਾਂ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਦੇ ਨੁਮਾਇੰਦੇ ਘੱਟ ਨਹੀਂ ਆਉਂਦੇ ਆਮ ਆਦਮੀ ਪਾਰਟੀ ਚਾਹਵੇ ਤਾਂ ਲੱਖਾਂ ਦਾ ਇਕੱਠ ਕਰ ਸਕਦੀ ਹੈ। ਜਿਵੇਂ ਮੋਗਾ ਵਿਖੇ ਅਰਵਿੰਦ ਕੇਜਰੀਵਾਲ ਦੀ ਰੈਲੀ ਵਿੱਚ ਕੀਤਾ ਗਿਆ ਸੀ।
ਦੂਜੀਆਂ ਪਾਰਟੀਆਂ ਤੇ ਤੰਜ ਕਸਦੇ ਅਨਮੋਲ ਗਗਨ ਮਾਨ ਨੇ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਪੈਸੇ ਲੈ ਕੇ ਰੈਲੀਆਂ ਵਿੱਚ ਨਹੀਂ ਆਉਂਦੇ।