ਚੰਡੀਗੜ੍ਹ: ਦਿੱਲੀ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਵੀ 2022 ਦੇ ਸਮੀਕਰਨ ਬਦਲ ਸਕਦੇ ਹਨ। ਨਵਜੋਤ ਸਿੰਘ ਸਿੱਧੂ ਦੀ ਚੁੱਪੀ ਅਤੇ ਟਕਸਾਲੀਆਂ ਦਾ ਬਾਦਲਾਂ ਦੇ ਖ਼ਿਲਾਫ਼ ਮੋਰਚਾ ਆਮ ਆਦਮੀ ਪਾਰਟੀ ਨੂੰ ਫਾਇਦਾ ਦੇ ਸਕਦਾ ਹੈ। ਦਿੱਲੀ ਤੋਂ ਬਾਅਦ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦਾ ਦੂਜਾ ਵੱਡਾ ਆਧਾਰ ਹੈ।
ਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਪ ਤੋਂ ਬਾਗ਼ੀ ਹੋਏ ਵਿਧਾਇਕਾਂ ਨੇ ਜਿੱਥੇ ਆਮ ਆਦਮੀ ਪਾਰਟੀ ਤੇ ਕੇਜਰੀਵਾਲ ਦੀ ਤਾਰੀਫਾਂ ਦੇ ਪੁੱਲ ਬੰਨਣੇ ਸ਼ੁਰੂ ਕਰ ਦਿੱਤੇ ਨੇ ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਨੇ ਵੀ ਕਮਰ ਕੱਸ ਲਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋਫ਼ੈਸਰ ਬਲਜਿੰਦਰ ਕੌਰ ਨੇ ਦੱਸਿਆ ਕਿ ਜਲਦ ਹੀ ਆਪ ਪੰਜਾਬ ਦੇ ਜਥੇਬੰਦਕ ਢਾਂਚੇ ਵਿੱਚ ਵੱਡਾ ਫੇਰਬਦਲ ਕੀਤਾ ਜਾਵੇਗਾ।
ਉੱਥੇ ਹੀ ਕਾਂਗਰਸ ਦੇ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਕਿ 2022 ਦੇ ਵਿੱਚ ਆਮ ਆਦਮੀ ਪਾਰਟੀ ਨੂੰ ਕੋਈ ਫਾਇਦਾ ਨਹੀਂ ਹੋਣ ਵਾਲਾ ਕਿਉਂਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਵਿਧਾਨ ਸਭਾ ਪਾਰਲੀਮੈਂਟ, ਜ਼ਿਮਨੀ ਅਤੇ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਨਕਾਰਿਆ ਹੈ।
ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਕ ਵਾਰ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਉੱਪਰ ਵਿਸ਼ਵਾਸ ਕਰਕੇ ਵੇਖ ਲਿਆ ਅਤੇ ਪੰਜਾਬੀ ਅਜਿਹੇ ਲੋਕ ਹਨ ਕਿ ਇਕ ਵਾਰ ਜੋ ਇਨ੍ਹਾਂ ਨੂੰ ਧੋਖਾ ਦੇ ਦੇਵੇ ਉਸ ਨੂੰ ਦੁਬਾਰਾ ਮੂੰਹ ਨਹੀਂ ਲਗਾਉਂਦੇ ਅਤੇ 2022 ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਕੁਝ ਨਹੀਂ ਕਰ ਪਾਵੇਗੀ ਕਿਉਂਕਿ ਇਨ੍ਹਾਂ ਦੇ ਆਪਸੀ ਮੱਤਭੇਦ ਇੱਕ ਦੂਜੇ ਦੇ ਉੱਪਰ ਇਲਜ਼ਾਮਬਾਜ਼ੀ ਅਤੇ ਕਿਸੇ ਦਾ ਕਾਂਗਰਸ ਵਿੱਚ ਸ਼ਾਮਿਲ ਹੋਣਾ ਇਨ੍ਹਾਂ ਦਾ ਹੀ ਨੁਕਸਾਨ ਕਰੇਗਾ। ਬਾਕੀ ਦਿੱਲੀ ਦੇ ਵਿੱਚ ਅਰਵਿੰਦ ਕੇਜਰੀਵਾਲ ਨੇ ਕੁਝ ਕੰਮ ਕੀਤੇ ਸਨ ਜਿਸ ਦੇ ਚੱਲਦਿਆਂ ਉਨ੍ਹਾਂ ਦੀ ਸਰਕਾਰ ਬਣੀ ਹੈ।