ਚੰਡੀਗੜ੍ਹ: ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ 19 ਅਕਤੂਬਰ ਨੂੰ 2 ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਜਿਥੇ ਇੱਕ ਪਾਸੇ ਪੰਜਾਬ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਹਰ ਸੰਭਵ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ, ਉਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਕੀਤੀ ਗਈ ਵਜ਼ੀਫਾ ਘੁਟਾਲੇ ਦੀ ਜਾਂਚ ਨੂੰ ਸਹੀ ਨਾ ਦੱਸਦੇ ਹੋਏ ਏਬੀਵੀਪੀ ਨੇ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਵਿਧਾਨ ਸਭਾ ਦੇ ਬਾਹਰ ਏਬੀਵੀਪੀ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਦਰਸ਼ਨ ਦੇ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਰੋਕਣ ਲਈ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਤੇ ਪਾਣੀ ਦੀ ਬੌਛਾਰ ਛੱਡੀ। ਇਸ ਮੌਕੇ ਪੁਲਿਸ ਨੇ ਏਬੀਵੀਪੀ ਦੇ ਕਈ ਵਰਕਾਰਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਥਾਣੇ ਲਿਜਾਇਆ ਗਿਆ।
ਏਬੀਵੀਪੀ ਆਗੂਆਂ ਨੇ 2 ਦਿਨ ਪਹਿਲਾਂ ਹੀ ਘੁਟਾਲੇ ਮਾਮਲੇ ਦੀ ਮੁੜ ਨਿਰਪੱਖ ਜਾਂਚ ਲਈ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਧਰਨੇ 'ਚ ਸ਼ਾਮਲ ਏਬੀਵੀਪੀ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਵਜ਼ੀਫੇ ਘੁਟਾਲੇ ਦੀ ਸਹੀ ਜਾਂਚ ਨਾ ਹੋਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਗ਼ਲਤ ਹੈ। ਜਦੋਂ ਤੱਕ ਕੇਂਦਰ ਦੀ ਸਿੱਟ ਇਸ ਮਾਮਲੇ ਦੀ ਜਾਂਚ ਪੂਰੀ ਨਹੀਂ ਕਰ ਲੈਂਦੀ ਉਦੋਂ ਤੱਕ ਸਾਧੂ ਸਿੰਘ ਧਰਮਸੋਤ ਨੂੰ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ।
ਏਬੀਵੀਪੀ ਦੇ ਵਰਕਰਾਂ ਨੇ ਆਖਿਆ ਕਿ ਸਰਕਾਰ ਉਨ੍ਹਾਂ ਨੂੰ ਜਿੰਨਾਂ ਮਰਜ਼ੀ ਰੋਕਣ ਦੀ ਕੋਸ਼ਿਸ਼ ਕਰ ਲਵੇ ਪਰ ਉਹ ਵਿਦਿਆਰਥੀਆਂ ਦੇ ਹੱਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।