ਚੰਡੀਗੜ੍ਹ: 85ਵੀਂ ਸੰਵਿਧਾਨਕ ਸੋਧ ਦੇ ਪੰਜਾਬ ਵਿੱਚ ਲਾਗੂ ਹੋਣ ਨੂੰ ਲੈ ਕੇ ਬੋਲੇ ਗਏ ਝੂਠ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਖਿਲਾਫ ਵਿਸ਼ੇਸ਼ ਅਧਿਕਾਰ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਅਕਾਲੀ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਵੱਲੋਂ ਸਦਨ ਨੂੰ ਗੁੰਮਰਾਹ ਕਰਨ ਦਾ ਮਰਿਆਦਾ ਮਤਾ ਲਿਆਉਣ ਦੀ ਮੰਗ ਕੀਤੀ। ਖਹਿਰਾ ਨੇ ਕਿਹਾ ਚੱਬੇਵਾਲ ਨੇ ਕੱਲ੍ਹ ਸਦਨ ਨੂੰ 85ਵੀਂ ਸੰਵਿਧਾਨਕ ਸੋਧ ਲਾਗੂ ਹੋਣ ਬਾਰੇ ਗ਼ਲਤ ਬਿਆਨ ਦੇ ਕੇ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਚੱਬੇਵਾਲ ਸਦਨ ਤੋਂ ਮੁਆਫ਼ੀ ਮੰਗਣ ਨਹੀਂ ਤਾਂ ਉਨ੍ਹਾਂ ਦੇ ਖਿਲਾਫ਼ ਮਰਿਆਦਾ ਮਤਾ ਲਿਆ ਕੇ ਵਿਸ਼ੇਸ਼ ਅਧਿਕਾਰੀ ਤਹਿਤ ਕਾਰਵਾਈ ਕੀਤੀ ਜਾਵੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ, ਇਸ ਬਾਰੇ ਉਨ੍ਹਾਂ ਦੇ ਵਿਧਾਇਕ ਬਲਦੇਵ ਖਹਿਰਾ ਨੇ ਸਵਾਲ ਕੀਤਾ ਸੀ ਪਰ ਜਵਾਬ ਜਾਣ ਕੇ ਬੜੀ ਹੈਰਾਨੀ ਹੋਈ। ਇਹ ਮਾਮਲਾ ਚੁੱਕਦੇ ਹੋਏ ਬਲਦੇਵ ਖਹਿਰਾ ਨੇ ਚੱਬੇਵਾਲ ਵੱਲੋਂ ਪਵਿੱਤਰ ਸਦਨ ਦੇ ਨਾਲ-ਨਾਲ ਪੰਜਾਬੀਆਂ ਨੂੰ ਧੋਖਾ ਦੇਣ ਦੀ ਗੱਲ ਕਹੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਮੁਲਾਜ਼ਮਾਂ ਵਿੱਚ ਇਸ ਗੱਲ ਨੂੰ ਲੈ ਕੇ ਕਾਫੀ ਰੋਸ ਹੈ ਕਿ ਵਾਰ-ਵਾਰ ਵਾਅਦਾ ਕਰਨ ਦੇ ਬਾਵਜੂਦ ਵੀ ਸੂਬੇ 'ਚ ਸੋਧ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਨੇ ਕਾਂਗਰਸ ਪਾਰਟੀ ਵਲੋਂ ਦਲਿਤ ਭਾਈਚਾਰੇ ਨਾਲ ਨਾਅਰੇਬਾਜ਼ੀ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਲਿਤਾਂ ਦੀ ਹਾਲਤ ਸੁਧਾਰਨ ਲਈ ਕੁੱਝ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ:ਸਾਲ 2020-21 ਲਈ ਜਮ੍ਹਾਂ ਈਪੀਐਫ 'ਤੇ ਮਿਲੇਗਾ 8.5 ਫ਼ੀਸਦੀ ਵਿਆਜ਼