ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਤੇ ਵਪਾਰ ਅਤੇ ਉਦਯੋਗ ਸਮੇਤ ਪੰਜਾਬੀਆਂ ਨੂੰ ਹੋਏ ਆਰਥਿਕ ਨੁਕਸਾਨ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਪਾਰਟੀ ਨੇ ਕੇਂਦਰ ਤੇ ਰਾਜ ਸਰਕਾਰ ਨੂੰ ਗੱਲਬਾਤ ਕਰ ਕੇ ਇਸ ਸੰਕਟ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਲਈ ਵੀ ਆਖਿਆ।
ਕੋਰ ਕਮੇਟੀ ਨੇ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਵਿਚਾਲੇ ਚੱਲ ਰਹੇ ਦੋਸਤਾਨਾ ਮੈਚ ਕਾਰਨ ਭਾਰੀ ਕੀਮਤ ਅਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਲੋੜੀਂਦੀ ਖਾਦ ਨਹੀਂ ਮਿਲ ਰਹੀ ਜਦਕਿ ਵਪਾਰ ਤੇ ਉਦਯੋਗ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਘਾਟਾ ਝੱਲਣਾ ਪੈ ਰਿਹਾ ਹੈ ਕਿਉਂਕਿ ਕੇਂਦਰ ਨੇ ਜਾਣ ਬੁੱਝ ਕੇ ਸੂਬੇ ਲਈ ਆਰਥਿਕ ਖੜੋਤ ਲਾਗੂ ਕੀਤੀ ਹੋਈ ਹੈ। ਪਾਰਟੀ ਨੇ ਇਹ ਵੀ ਕਿਹਾ ਕਿ ਆਰਕਿ ਖੜੋਤ ਕਾਰਨ ਸੂਬੇ ਵਿੱਚ ਸਮਾਜਿਕ ਬੇਚੈਨੀ ਫੈਲਣ 'ਤੇ ਅਮਨ ਤੇ ਸ਼ਾਂਤੀ ਭੰਗ ਹੋਣ ਦਾ ਵੀ ਖ਼ਤਰਾ ਹੈ।

ਕਮੇਟੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋਗਲੀ ਖੇਡ ਖੇਡ ਰਹੇ ਹਨ ਅਤੇ ਉਨ੍ਹਾਂ ਨੇ ਸਾਜਿਸ਼ ਅਧੀਨ ਕਿਸਾਨਾਂ ਦਾ ਵਪਾਰ ਤੇ ਉਦਯੋਗ ਨਾਲ ਟਕਰਾਅ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਅਜਿਹਾ ਕੋਈ ਕਦਮ ਨਹੀਂ ਚੁੱਕਣਾ ਚਾਹੁੰਦੇ ਜਿਸ ਨਾਲ ਮੌਜੂਦਾ ਰੁਕਾਵਟ ਖਤਮ ਹੋਵੇ ਕਿਉਂਕਿ ਉਹ ਮਹਿਸੂਸ ਕਰਦੇ ਹਨ ਕਿ ਜਿੰਨਾ ਚਿਰ ਇਹ ਮਾਮਲਾ ਲਟਕਦਾ ਰਹੇਗਾ, ਉਨਾ ਹੀ ਉਨ੍ਹਾਂ ਦੀ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਦਿੱਲੀ ਜਾ ਕੇ ਇਕ ਘੰਟੇ ਦਾ ਧਰਨਾ ਦੇਣ ਦਾ ਡਰਾਮਾ ਤਾਂ ਕੀਤਾ ਹੈ ਪਰ ਉਨ੍ਹਾਂ ਨੇ ਰੇਲ ਮੰਤਰੀ ਜਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਪੰਜਾਬ ਲਈ ਰੇਲ ਸੇਵਾਵਾਂ ਬਹਾਲ ਕਰਾਉਣ ਵਿੱਚ ਦਿਲਚਸਪੀ ਨਹੀਂ ਵਿਖਾਈ। ਉਨ੍ਹਾਂ ਕਿਹਾ ਕਿ ਹੁਣ ਵੀ ਉਹ ਕੇਂਦਰ ਨਾਲ ਕੋਈ ਗੱਲਬਾਤ ਨਹੀਂ ਕਰ ਰਹੇ ਅਤੇ ਉਨ੍ਹਾਂ ਨੂੰ ਪੰਜਾਬੀਆਂ ਦੀ ਪਰਵਾਅ ਨਹੀਂ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਵਿਵਹਾਰ ਪੰਜਾਬ ਵਿੱਚ ਉਦਯੋਗ ਖੇਤਰ ਲਈ ਸਹੀ ਨਹੀਂ ਹੈ ਕਿਉਂਕਿ ਪੰਜਾਬ ਵਿੱਚ ਤਾਂ ਪਹਿਲਾਂ ਹੀ ਉਦਯੋਗਾਂ ਨੂੰ ਕੱਚਾ ਮਾਲ ਨਾ ਮਿਲਣ ਅਤੇ ਤਿਆਰ ਮਾਲ ਸਪਲਾਈ ਨਾ ਹੋਣ ਕਾਰਨ ਵੱਡਾ ਘਾਟਾ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀ ਚਾਹੁੰਦੇ ਹਾਂ ਕਿ ਵਪਾਰ ਤੇ ਉਦਯੋਗ ਦੇ ਸਾਰੇ ਮਸਲੇ ਛੇਤੀ ਤੋਂ ਛੇਤੀ ਹੱਲ ਹੋਣ ਤੇ ਉਨ੍ਹਾਂ ਲਈ ਜੀਐਸਟੀ ਦਾ ਬਕਾਇਆ ਵੀ ਤੁਰੰਤ ਅਦਾ ਹੋਵੇ ਤੇ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਜਾਵੇ ਤਾਂ ਜੋ ਸੂਬੇ ਵਿਚੋਂ ਸਰਮਾਇਆ ਬਾਹਰ ਨਾ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੂੰ ਅੱਗ ਨਾਲ ਨਾ ਖੇਡਣ ਦੀ ਸਲਾਹ ਦਿੰਦਿਆਂ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਵੀ ਦਸਮ ਪਿਤਾ ਦੇ ਨਾਂ 'ਤੇ ਝੂਠੀ ਸਹੁੰ ਚੁੱਕ ਕੇ ਪੰਜਾਬੀਆਂ ਨੁੰ ਧੋਖਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਿਵੇਂ ਮੁੱਖ ਮੰਤਰੀ ਨੇ ਪਹਿਲਾਂ ਦਰਿਆਈ ਪਾਣੀ ਸਮਝੌਤੇ ਰੱਦ ਕਰ ਕੇ ਹਰਿਆਣਾ ਤੇ ਰਾਜਸਥਾਨ ਦਾ ਫਾਇਦਾ ਕੀਤਾ ਕਿਉਂਕਿ ਇਸ ਨਾਲ ਦੋਵਾਂ ਰਾਜਾਂ ਨੂੰ ਯਕੀਨੀ ਪਾਣੀ ਮਿਲਣਾ ਤੈਅ ਹੋ ਗਿਆ।
ਮੁੱਖ ਮੰਤਰੀ ਨੇ ਕੇਂਦਰੀ ਖੇਤੀਬਾੜੀ ਐਕਟਾਂ ਵਿੱਚ ਸੋਧ ਕਰ ਕੇ ਉਨ੍ਹਾਂ ਨੂੰ ਪ੍ਰਵਾਨ ਕਰ ਲਿਆ ਇਸ ਸਭ ਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਕੇਂਦਰ ਦੇ ਇਸ਼ਾਰਿਆਂ ਮੁਤਾਬਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਰਾਜ ਸਰਕਾਰ ਨੇ ਸਾਰੇ ਸੂਬੇ ਨੂੰ ਇੱਕ ਮੰਡੀ ਬਣਾਉਣ ਦਾ ਬਿੱਲ ਪਾਸ ਨਹੀਂ ਕੀਤਾ ਜਿਸ ਕਾਰਨ ਪੰਜਾਬ ਵਿੱਚ ਕੇਂਦਰੀ ਖੇਤੀਬਾੜੀ ਐਕਟ ਲਾਗੂ ਹੀ ਨਹੀਂ ਹੋ ਸਕਦੇ ਸੀ।
ਕੋਰ ਕਮੇਟੀ ਨੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੀ ਧਰਮ ਪਤਨੀ ਸਰਦਾਰਨੀ ਮਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਵੀ ਡੂੰਘਾ ਦੁੱਖ ਪ੍ਰਗਟ ਕੀਤਾ।
ਕੋਰ ਕਮੇਟੀ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਉਪਿੰਦਰਜੀਤ ਕੌਰ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਹੀਰਾ ਸਿੰਘ ਗਾਬੜੀਆ ਤੇ ਬਲਦੇਵ ਸਿੰਘ ਮਾਨ ਨੇ ਵੀ ਸ਼ਮੂਲੀਅਤ ਕੀਤੀ।