ਚੰਡੀਗੜ੍ਹ: ਉੱਤਰ ਪ੍ਰਦੇਸ਼ ਵਿੱਚ ਆਬਾਦ ਪੰਜਾਬੀ ਤੇ ਸਿੱਖ ਕਿਸਾਨ ਲੰਮੇ ਸਮੇਂ ਤੋਂ ਜ਼ਮੀਨਾਂ ਨੂੰ ਆਬਾਦ ਕਰਕੇ ਰਹਿ ਰਹੇ ਹਨ। ਹੁਣ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗ ਉਨ੍ਹਾਂ ਨੂੰ ਉਜਾੜਣ ਦੀਆਂ ਤਿਆਰੀਆਂ ਕਰ ਰਹੇ ਹਨ। ਇਸ ਸਾਰੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਰੋਸ ਜਤਾਇਆ ਹੈ। ਅਕਾਲੀ ਦਲ ਨੇ ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਗੱਲ ਰੱਖੀ।
ਚੰਦੂਮਾਜਰਾ ਨੇ ਦੱਸਿਆ ਕਿ ਦਲ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਤਿੰਨ ਮੈਂਬਰੀ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਉਹ ਖ਼ੁਦ (ਭਾਵ ਪ੍ਰੇਮ ਸਿੰਘ ਚੰਦੂਮਾਜਰਾ) , ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਰਾਜ ਸਭਾ ਮੈਂਬਰ ਨਰੇਸ਼ ਕੁਮਾਰ ਗੁਜਰਾਲ ਸ਼ਾਮਲ ਹਨ।
ਉਨ੍ਹਾਂ ਕਿਹਾ ਇਹ ਕਮੇਟੀ ਇਸ ਸਾਰੇ ਮਾਮਲੇ ਨੂੰ ਹੱਲ ਕਰਨ ਲਈ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨਾਲ ਅਗਲੇ ਹਫਤੇ ਮੁਲਾਕਾਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਰਾਜਨੀਤਿਕ ਤੌਰ 'ਤੇ ਹੱਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਨੇ ਟੈਲੀਫੋਨ 'ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।