ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਭਲਾਈ ਨਾਲ ਜੁੜੇ ਵੱਡੇ ਮੁੱਦਿਆਂ 'ਤੇ ਚਰਚਾ ਕਰਨ ਲਈ ਵਿਧਾਨ ਸਭਾ ਦੇ ਇਜਲਾਸ ਵਿਚ ਤੁਰੰਤ ਵਾਧਾ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ: ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ ਤਿੰਨ ਤਲਾਕ ਬਿੱਲ, ਭਾਜਪਾ ਨੇ ਸੰਸਦ 'ਚ ਲਾਇਆ ਵ੍ਹਿਪ
ਇਸ ਬਾਰੇ ਬਿਕਰਮ ਮਜੀਠੀਆ ਨੇ ਕਿਹਾ ਕਿ ਸੂਬੇ ਵਿੱਚ ਹੋ ਰਹੀਆਂ ਕਤਲ ਦੀਆਂ ਵਾਰਦਾਤਾਂ ਤੇ ਖ਼ੁਦਕੁਸ਼ੀਆਂ ਦਾ ਸਾਡੀਆਂ ਜੇਲ੍ਹਾਂ ਨੇ ਮਜਾਕ ਬਣਾ ਦਿੱਤਾ ਹੈ, ਤੇ ਨਾਲ ਹੀ ਰਾਜਪੁਰਾ ਵਿਖੇ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਸੂਬੇ ਵਿੱਚ ਸ਼ਰੇਆਮ ਬੱਚੇ ਅਗਵਾ ਕੀਤੇ ਜਾ ਰਹੇ ਹਨ।
ਮਜੀਠੀਆ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਕਿਸਾਨ ਕਰਜ਼ਾ ਮੁਆਫ਼ੀ ਦੇ ਮੁੱਦੇ ਨੂੰ ਚੁੱਕਿਆ ਜਾਵੇਗਾ, ਜਿਸ ਦਾ ਕੈਪਟਨ ਸਰਕਾਰ ਨੇ ਵਾਅਦਾ ਕੀਤਾ ਸੀ ਪਰ ਅਜਿਹਾ ਕੁਝ ਨਹੀਂ ਹੋਇਆ, ਸਰਕਾਰ ਨੇ ਲੱਖਾਂ ਕਿਸਾਨਾਂ ਨਾਲ ਵਿਸ਼ਵਾਸਘਾਚ ਕੀਤਾ ਹੈ। ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਹਰਿਆਣਾ ਸਰਕਾਰ ਦੀ ਤਰਜ਼ 'ਤੇ ਕਿਸਾਨਾਂ ਦੀ ਮੱਦਦ ਲਈ ਰਾਸ਼ੀ 6 ਹਜ਼ਾਰ ਤੋਂ ਵਧਾ ਕੇ 9 ਹਜ਼ਾਰ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ। ਉੱਥੇ ਹੀ ਸਪੀਕਰ ਨੂੰ ਦਲਿਤ ਅਤੇ ਪਛੜੀਆਂ ਜਾਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ,ਜਿਨ੍ਹਾਂ ਨੂੰ ਵਜ਼ੀਫ਼ੇ ਨਹੀਂ ਦਿੱਤੇ ਜਾ ਰਹੇ ਹਨ, ਜਿਸ ਕਰਕੇ ਉਨ੍ਹਾਂ ਦੀ ਪੜ੍ਹਾਈ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਇਸ ਤੋਂ ਇਲਾਵਾ ਕਾਂਗਰਸ ਸਰਕਾਰ ਨੇ ਵਾਅਦੇ ਮੁਤਾਬਿਕ ਪਿਛਲੇ ਢਾਈ ਸਾਲਾਂ ਦੌਰਾਨ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਵੀ ਨਹੀਂ ਦਿੱਤਾ ਹੈ ਜਿਸ ਕਰਕੇ ਠੇਕੇ ਉੱਤੇ ਰੱਖੇ 35 ਹਜ਼ਾਰ ਮੁਲਾਜ਼ਮ ਪੱਕੇ ਹੋਣ ਦੀ ਉਡੀਕ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਤਹਿਤ ਗਰੀਬਾਂ ਨੂੰ ਘੱਟੋ ਘੱਟ ਰੁਜ਼ਗਾਰ ਦੇਣ ਦੀ ਥਾਂ ਉਨ੍ਹਾਂ ਨੂੰ ਲੁੱਟਿਆ ਜਾ ਰਿਹਾ ਹੈ ਤੇ ਕਾਂਗਰਸੀ ਆਗੂਆਂ ਦੀ ਮਿਲੀਭੁਗਤ ਨਾਲ ਕੀਤੇ ਜਾ ਰਹੇ ਅਜਿਹੇ ਘੁਟਾਲਿਆਂ ਦੇ ਰੋਜ਼ਾਨਾ ਖ਼ੁਲਾਸੇ ਹੋ ਰਹੇ ਹਨ। ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਜੇ ਤਕ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਪੀਐਫ ਮੋੜਿਆ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵਿਧਾਨ ਸਭਾ ਦਾ ਇਜਲਾਸ ਵਧਾਉਣ ਦਾ ਯਤਨ ਕਰੇਗਾ ਤਾਂ ਕਿ ਉਨ੍ਹਾਂ ਸਾਰੇ ਵੱਡੇ ਆਰਥਿਕ ਮੁੱਦਿਆਂ 'ਤੇ ਚਰਚਾ ਕਰਕੇ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ।