ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਦਿੱਤੇ ਇਸ ਬਿਆਨ ਦਾ ਸਵਾਗਤ ਕੀਤਾ ਹੈ ਕਿ ਉਹ ਕ੍ਰਿਸਚੀਅਨ ਦਲਿਤ ਫਰੰਟ ਦੇ ਆਗੂ ਅਤੇ ਕਾਂਗਰਸੀ ਲੀਡਰ ਅਨਵਰ ਮਸੀਹ ਦੇ ਸਿਆਸੀ ਸੰਬੰਧਾਂ ਦੀ ਜਾਂਚ ਕਰਵਾਉਣਗੇ। ਅਕਾਲੀ ਦਲ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਅੰਮ੍ਰਿਤਸਰ ਹੈਰੋਇਨ ਬਰਾਮਦਗੀ ਕੇਸ ਵਿੱਚ ਅਤੇ ਸੂਬੇ 'ਚ ਹੋ ਰਹੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਦੇ ਠੋਸ ਸਬੂਤਾਂ ਨੂੰ ਵੀ ਧਿਆਨ ਵਿਚ ਰੱਖਣ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਅਨਵਰ ਮਸੀਹ ਅਤੇ ਕ੍ਰਿਸਚੀਅਨ ਫਰੰਟ ਦੀ ਕਾਂਗਰਸ ਨਾਲ ਨੇੜਤਾ, ਅਨਵਰ ਅਤੇ ਕ੍ਰਿਸਚੀਅਨ ਫਰੰਟ ਦੇ ਪ੍ਰਧਾਨ ਮੁਨੱਵਰ ਮਸੀਹ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ, 2018 ਦੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ, ਜੋ ਕਿ ਕਾਂਗਰਸ ਮੁਖੀ ਸੁਨੀਲ ਜਾਖੜ ਵੱਲੋਂ ਲੜੀ ਗਈ ਸੀ ਅਤੇ 2019 ਦੀਆਂ ਸੰਸਦੀ ਚੋਣਾਂ ਵਿੱਚ ਕਾਂਗਰਸ ਦੀ ਕੀਤੀ ਮੱਦਦ ਆਦਿ ਸਭ ਕੁੱਝ ਰਿਕਾਰਡ ਵਿੱਚ ਦਰਜ ਹੈ।
ਉਨ੍ਹਾਂ ਕਿਹਾ ਕਿ ਇਹ ਇੱਕ ਤੱਥ ਹੈ ਕਿ ਮੁਨੱਵਰ ਮਸੀਹ ਇਕਲੌਤਾ ਅਜਿਹਾ ਵਿਅਕਤੀ ਹੈ, ਜਿਸ ਦੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਵੱਲੋਂ ਨਿਯੁਕਤੀ ਕਰਕੇ ਕਾਂਗਰਸ ਸਰਕਾਰ ਵੱਲੋਂ ਤਿੰਨ ਸਾਲ ਲਈ ਮਿਆਦ ਵਧਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 2019 ਵਿੱਚ ਮੰਤਰੀ ਸੁਖਜਿੰਦਰ ਰੰਧਾਵਾ ਸਣੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਨੱਵਰ ਅਤੇ ਅਨਵਰ ਮਸੀਹ ਦੀਆਂ ਇਸ਼ਤਿਹਾਰਾਂ ਵਿੱਚ ਲੱਗੀਆਂ ਫੋਟੋਆਂ ਸਾਬਿਤ ਕਰਦੀਆਂ ਹਨ ਕਿ ਉਹ ਦੋਵੇਂ ਕਾਂਗਰਸੀ ਹਨ।
ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਕਾਂਗਰਸ ਪਾਰਟੀ ਨੇ ਇੱਕ ਸਮਾਜਕ ਸਮਾਗਮ ਦੀਆਂ ਪੁਰਾਣੀਆਂ ਤਸਵੀਰਾਂ ਵਿਖਾ ਕੇ ਅਨਵਰ ਦਾ ਨਾਂਅ ਅਕਾਲੀ ਦਲ ਨਾਲ ਜੋੜਣ ਦੀ ਕੋਸ਼ਿਸ਼ ਕਰਦਿਆਂ ਪੂਰੀ ਤਰ੍ਹਾਂ ਤੱਥਾਂ ਦੀ ਛਾਣਬੀਣ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਅਨਵਰ ਵਿਰੁੱਧ ਸਾਰੇ ਦੋਸ਼ ਉਸ ਸਮੇਂ ਸਾਹਮਣੇ ਆਏ ਹਨ, ਜਦੋਂ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਿਆ ਸੀ।
ਅੰਮ੍ਰਿਤਸਰ ਹੈਰੋਇਨ ਬਰਾਮਦਗੀ ਕੇਸ ਨਾਲ ਜੁੜੇ ਸਾਰੇ ਦੋਸ਼ੀਆਂ ਦੇ ਸਿਆਸੀ ਸੰਬੰਧਾਂ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਮਜੀਠੀਆ ਨੇ ਕਿਹਾ ਕਿ ਇਸ ਕੇਸ ਦਾ ਸਰਗਨਾ ਸਿਮਰਜੀਤ ਸਿੰਘ ਸੰਧੂ ਸਰਬਜੀਤ ਸਿੰਘ ਸੰਧੂ ਦਾ ਬੇਟਾ ਹੈ, ਜਿਸ ਨੂੰ 2006 ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਅਧੀਨ ਸੇਵਾਵਾਂ ਚੋਣ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿਮਰਜੀਤ ਸੰਧੂ ਦੇ ਕਾਂਗਰਸ ਪਾਰਟੀ ਨਾਲ ਸੰਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਸ ਨਾਲ ਜੁੜੇ ਸਾਰੇ ਕਾਂਗਰਸੀਆਂ ਦਾ ਪਰਦਾਫਾਸ਼ ਕਰਕੇ ਉਨ੍ਹਾਂ ਖ਼ਿਲਾਫ ਕੇਸ ਦਰਜ ਹੋਣੇ ਚਾਹੀਦੇ ਹਨ।
ਅਕਾਲੀ ਆਗੂ ਨੇ ਕਿਹਾ ਕਿ ਇਹ ਵੀ ਇੱਕ ਤੱਥ ਹੈ ਕਿ ਪੁਲਿਸ ਨੇ ਪਹਿਲਾਂ ਕਾਂਗਰਸੀ ਕੌਂਸਲਰ ਪਰਦੀਪ ਸ਼ਰਮਾ ਦੇ ਘਰ ਅਤੇ ਹੋਟਲ ਉੱਤੇ ਛਾਪਾ ਮਾਰਿਆ ਸੀ ਅਤੇ ਉਸ ਤੋ ਬਾਅਦ ਅੰਮ੍ਰਿਤਸਰ ਵਿੱਚ ਹੈਰੋਇਨ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਪਰਦੀਪ ਸ਼ਰਮਾ ਨੂੰ ਛੱਡ ਦਿੱਤਾ ਗਿਆ, ਕਿਉਂਕਿ ਉਸ ਦੀਆਂ ਅੰਮ੍ਰਿਤਸਰ ਦੇ ਸਾਂਸਦ, ਸਪੀਕਰ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਉੱਤੇ ਖਿੱਚੀਆਂ ਫੋਟੋਆਂ ਸਨ ਅਤੇ ਉਸ ਦੀ ਗਿਰਫ਼ਤਾਰੀ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਨਮੋਸ਼ੀ ਹੋਣੀ ਸੀ।
ਉਨ੍ਹਾਂ ਕਿਹਾ ਕਿ ਸਪੱਸ਼ਟ ਹੈ ਕਿ ਸ਼ਰਮਾ ਪਰਿਵਾਰ, ਜਿਸ ਵਿੱਚ ਗਿਰਫਤਾਰ ਕੀਤਾ ਗਿਆ ਪਰਦੀਪ ਦਾ ਬੇਟਾ ਸਾਹਿਲ ਵੀ ਸ਼ਾਮਿਲ ਹੈ, ਨਸ਼ਾ ਤਸਕਰੀ ਦਾ ਧੰਦਾ ਕਰਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਰਣਜੀਤ ਰਾਣਾ ਸਮੇਤ ਹੋਰ ਵਿਅਕਤੀਆਂ ਦੀਆਂ ਵੀ ਤਸਵੀਰਾਂ ਹਨ, ਰਾਣਾ ਕੋਲੋਂ 7.5 ਕਰੋੜ ਰੁਪਏ ਦੇ ਨਸ਼ੇ ਫੜੇ ਜਾਣ ਦੇ ਬਾਵਜੂਦ ਕਾਂਗਰਸ ਪਾਰਟੀ ਵੱਲੋਂ ਉਸ ਨੂੰ ਬਲਾਕ ਸਮਿਤੀ ਦੀ ਟਿਕਟ ਦਿੱਤੀ ਗਈ ਸੀ ਅਤੇ ਹਾਲ ਹੀ ਵਿੱਚ ਉਸ ਕੋਲੋ 45 ਕਰੋੜ ਰੁਪਏ ਦੀ ਹੈਰੋਇਨ ਫੜੀ ਗਈ ਸੀ।
ਜੇਪੀ ਨੱਡਾ ਦਾ ਪਹਿਲਾ ਪੰਜਾਬ ਦੌਰਾ, ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਮਜੀਠੀਆ ਨੇ ਵਿਧਾਨ ਸਭਾ ਵਿੱਚ ਬਿਜਲੀ ਦਰਾਂ 'ਚ ਵਾਧਾ, ਬਿਜਲੀ ਘੁਟਾਲੇ, ਕਿਸਾਨ ਖੁਦਕੁਸ਼ੀਆਂ ਅਤੇ ਕਾਂਗਰਸ ਸਰਕਾਰ ਦੀਆਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਨਾਕਾਮੀ ਵਰਗੇ ਲੋਕ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਕੀਤੀ ਗਈ ਡਰਾਮੇਬਾਜ਼ੀ ਦੀ ਸਖ਼ਤ ਨਿਖੇਧੀ ਕੀਤੀ।
ਉਨ੍ਹਾਂ ਨੇ ਵਿਧਾਨ ਸਭਾ ਵਿੱਚ ਨਸ਼ਾ ਤਸਕਰੀ ਵਰਗੇ ਸੰਵੇਦਨਸ਼ੀਲ ਮੁੱਦੇ ਉੱਤੇ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਨਾਲ ਵਿਖਾਈ ਦੋਸਤੀ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਪ ਵਿਧਾਇਕਾਂ ਨੇ ਅੱਜ ਕਾਂਗਰਸ ਪਾਰਟੀ ਨੂੰ ਨਿਸ਼ਾਨਾ ਬਣਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਜ਼ਿਮੇਵਾਰ ਕਾਂਗਰਸੀਆਂ ਖ਼ਿਲਾਫ ਵੀ ਕਾਰਵਾਈ ਦੀ ਮੰਗ ਨਹੀਂ ਕੀਤੀ, ਕਿਉਂਕਿ ਉਹ ਕਾਂਗਰਸ ਪਾਰਟੀ ਦੀ ਬੀ ਟੀਮ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਦਾ ਲੋਕਾਂ ਅੱਗੇ ਪਰਦਾਫਾਸ਼ ਕਰਾਂਗੇ ਅਤੇ ਨਸ਼ਾ ਕਾਰੋਬਾਰ ਵਿੱਚ ਸ਼ਾਮਿਲ ਸਾਰੇ ਕਾਂਗਰਸੀ ਆਗੂਆਂ ਖ਼ਿਲਾਫ ਸਰਕਾਰ ਨੂੰ ਕਾਰਵਾਈ ਕਰਨ ਲਈ ਮਜ਼ਬੂਰ ਕਰਾਂਗੇ।