ਮੁਹਾਲੀ: ਭਾਰਤ ਮਾਲਾ ਪ੍ਰੋਜੈਕਟ ਅਧੀਨ ਸਰਾਕਰ ਵਲੋਂ ਕਿਸਾਨਾਂ ਦੀ ਘੱਟ ਕੀਮਤ 'ਤੇ ਅਕਵਾਇਰ ਕੀਤੀ ਜਾ ਰਹੀ ਜ਼ਮੀਨ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਤੋਂ ਚੰਡੀਗੜ੍ਹ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਸੀ।
ਅਕਾਲੀ ਦਲ ਵਲੋਂ ਕੀਤਾ ਜਾ ਰਿਹਾ ਇਹ ਪ੍ਰਦਰਸ਼ਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਲੀਡਰ ਵੀ ਮੌਜੂਦ ਸੀ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਦੇ ਲੀਡਰ ਸੁਖਬੀਰ ਬਾਦਲ, ਡਾ. ਦਲਜੀਤ ਸਿੰਘ ਚੀਮਾ, ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਅਤੇ ਯੂਥ ਅਕਾਲੀ ਦਲ ਪ੍ਰਧਾਨ ਬੰਟੀ ਰੋਮਾਣਾ ਸਮੇਤ ਕਈ ਆਗੂਆਂ ਨੂੰ ਮੋਹਾਲੀ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ। ਜਿਸ ਦੇ ਵਿਰੋਧ ਵਜੋਂ ਅਕਾਲੀ ਦਲ ਦੇ ਵਰਕਰਾਂ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤਾਂ ਉਨ੍ਹਾਂ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਜੇਕਰ ਅਕਵਾਇਰ ਕੀਤੀਆਂ ਤਾਂ ਉਨ੍ਹਾਂ ਦਾ ਚੰਗਾ ਮੁੱਲ ਦਿੱਤਾ ਗਿਆ, ਜਿਸ ਨਾਲ ਕਿਸਾਨ ਉਸ ਪੈਸੇ ਨਾਲ ਜਾਂ ਤਾਂ ਹੋਰ ਜ਼ਮੀਨ ਲੈ ਲੈਂਦੇ ਸਨ ਜਾਂ ਫਿਰ ਹੋਰ ਕੋਈ ਕਿੱਤਾ ਸ਼ੁਰੂ ਕਰ ਲੈਂਦੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਮੌਕੇ ਕਦੇ ਵੀ ਕਿਸਾਨਾਂ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਆਪਣੀ ਆਪਸੀ ਲੜਾਈ ਤੋਂ ਹੀ ਵਿਹਲ ਨਹੀਂ ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਸਮੱਸਿਆਵਾਂ ਆ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਸਰਕਾਰ ਸੱਚਮੁੱਚ ਕਿਸਾਨਾਂ ਦੀ ਹਮਾਇਤੀ ਹੈ ਤਾਂ ਉਹ ਕਿਸਾਨਾਂ ਕੋਲੋਂ ਅਕਵਾਇਰ ਕੀਤੀ ਜਾ ਰਹੀ ਜ਼ਮੀਨਾਂ ਦਾ ਚੰਗਾ ਮੁੱਲ ਦੇਵੇ।
ਇਸ ਦੇ ਨਾਲ ਹੀ ਬੰਟੀ ਰੋਮਾਣਾ ਨੇ ਨਵਜੋਤ ਸਿੱਧੂ 'ਤੇ ਬੋਲਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪਹਿਲਾਂ ਹੀ ਉਸ ਦਾ ਸਹੀ ਅੰਦਾਜਾ ਲਗਾ ਲਿਆ ਸੀ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਅਕਾਲੀ ਦਲ ਤੋਂ ਜਿਆਦਾ ਕੋਈ ਨਹੀਂ ਸਮਝ ਸਕਦਾ। ਉਨ੍ਹਾਂ ਕਿਹਾ ਕਿ ਸਿੱਧੂ ਅਜਿਹੀ ਸਖਸ਼ੀਅਤ ਹੈ ਜੋ ਦੂਜੇ ਲਈ ਨਹੀਂ ਸਗੋਂ ਆਪਣਿਆਂ ਨੂੰ ਹੀ ਨੁਕਸਾਨ ਪਹੁੰਚਾਉਂਦਾ ਹੈ।
ਇਸ ਸਬੰਧੀ ਸਿਮਰਨਜੋਤ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਇਹ ਮਾਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕਲੇਸ਼ ਤੋਂ ਹੀ ਵਿਹਲੀ ਨਹੀਂ ਹੋ ਰਹੀ, ਜਿਸ ਕਾਰਨ ਉਹ ਸੂਬੇ ਦੇ ਲੋਕਾਂ ਵੱਲ ਧਿਆਨ ਨਹੀਂ ਦੇ ਰਹੀ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਕਲੇਸ਼: ਸਿੱਧੂ ਨਾਲ ਬੈਠ ਕੇ ਹੱਲ ਕੀਤਾ ਜਾਵੇਗਾ ਮਸਲਾ: ਚਰਨਜੀਤ ਚੰਨੀ