ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫ਼ੈਸਲਾ ਕਰਦੇ ਹੋਏ ਐਲਾਨ ਕੀਤਾ ਕਿ ਦਲ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਦੇ ਖ਼ਿਲਾਫ਼ ਅਤੇ ਪੰਜਾਬ ਸਰਕਾਰ ਵੱਲੋਂ ਗ਼ਰੀਬਾਂ ਦੇ ਨੀਲੇ ਕਾਰਡ ਲੱਖਾਂ ਦੀ ਗਿਣਤੀ ਵਿੱਚ ਸਿਆਸੀ ਵਿਤਕਰੇ ਤਹਿਤ ਕੱਟਣ ਦੇ ਵਿਰੁੱਧ ਪੰਜਾਬ ਭਰ ਵਿੱਚ 7 ਜੁਲਾਈ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਰੋਸ ਮੁਜਾਹਰੇ ਕੀਤੇ ਜਾਣਗੇ।
ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਰੋਸ ਮੁਜਾਹਿਰਆਂ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਉਪਰ ਆਪੋ-ਆਪਣੇ ਟੈਕਸ ਵਾਪਸ ਲੈਣ ਲਈ ਕਿਹਾ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਟੈਕਸਾਂ ਕਰਕੇ ਖਪਤਕਾਰ ਤੱਕ ਪਹੁੰਚਦੇ -ਪਹੁੰਚਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੁੱਗਣੀਆਂ ਹੋ ਜਾਂਦੀਆਂ ਹਨ।
ਕਿੰਨੇ ਫ਼ੀਸਦ ਲਗਦਾ ਹੈ ਟੈਕਸ
ਚੀਮਾ ਨੇ ਦੱਸਿਆ ਕਿ ਉਦਾਹਰਣ ਦੇ ਤੌਰ ਤੇ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਜੋ ਡੀਜ਼ਲ ਵੈਟ ਅਤੇ ਐਕਸਾਈਜ਼ ਟੈਕਸ ਤੋਂ ਬਿਨਾਂ ਪੈਟਰੋਲ ਪੰਪ ਡੀਲਰਾਂ ਨੂੰ ਦਿੱਤਾ ਜਾਂਦਾ ਹੈ ਉਸ ਦੀ ਕੀਮਤ 39.21 ਰੁਪਏ ਹੈ। ਪਰ ਖਪਤਕਾਰ ਤੱਕ ਪਹੁੰਚਦੇ ਪਹੁੰਚਦੇ ਵੈਟ ਅਤੇ ਐਕਸਾਈਜ ਟੈਕਸ ਲੱਗਣ ਕਰਕੇ ਇਸ ਦੀ ਕੀਮਤ 80 ਰੁਪਏ ਪਹੁੰਚ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਸਰਕਾਰ ਵੱਲੋਂ ਪੈਟਰੋਲ ਉੱਪਰ 35.12 ਪ੍ਰਤੀਸ਼ਤ, ਹਰਿਆਣਾ ਸਰਕਾਰ ਵੱਲੋਂ 20.25 ਪ੍ਰਤੀਸ਼ਤ ਅਤੇ ਹਿਮਾਚਲ ਸਰਕਾਰ ਵੱਲੋਂ 24.43 ਪ੍ਰਤੀਸ਼ਤ ਵੈਟ ਲਗਾਇਆ ਜਾਂਦਾ ਹੈ। ਜਦੋਂ ਕਿ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਵਲੋਂ ਇਹ ਸਿਰਫ 19.76 ਪ੍ਰਤੀਸ਼ਤ ਹੈ। ਜਾਹਰ ਹੈ ਕਿ ਪੰਜਾਬ ਵਿੱਚ ਚੰਡੀਗੜ੍ਹ ਨਾਲੋਂ ਪੈਟਰੋਲ ਉਪਰ 16 ਪ੍ਰਤੀਸ਼ਤ ਵਧੇਰੇ ਵੈਟ ਲਗਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸੇ ਤਰਾਂ ਡੀਜਲ ਉਪਰ ਪੰਜਾਬ ਸਰਕਾਰ ਵੱਲੋਂ 13.74 ਪ੍ਰਤੀਸ਼ਤ , ਦਿੱਲੀ ਸਰਕਾਰ ਵੱਲੋਂ 30 ਪ੍ਰਤੀਸ਼ਤ, ਹਰਿਆਣਾ ਸਰਕਾਰ ਵੱਲੋਂ 17.22 ਪ੍ਰਤੀਸ਼ਤ ਅਤੇ ਹਿਮਾਚਲ ਸਰਕਾਰ ਵੱਲੋਂ 14.38 ਪ੍ਰਤੀਸ਼ਤ ਵੈਟ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਲਗਾਏ ਗਏ ਭਾਰੀ ਵੈਟ ਕਰਕੇ ਇਤਿਹਾਸ ਵਿੱਚ ਪਹਿਲੀ ਵਾਰ ਦਿੱਲੀ ਵਿੱਚ ਡੀਜ਼ਲ ਪੈਟਰੋਲ ਨਾਲੋਂ ਮਹਿੰਗਾ ਹੋ ਗਿਆ ਹੈ।
ਚੀਮਾ ਨੇ ਅੱਗੇ ਕਿਹਾ ਕਿ ਤੇਲ ਦੀਆਂ ਕੀਮਤਾਂ ਦੇ ਨਾਲ-ਨਾਲ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੱਖਾਂ ਦੀ ਗਿਣਤੀ ਵਿੱਚ ਗ਼ਰੀਬ ਲੋਕਾਂ ਦੇ ਨੀਲੇ ਕਾਰਡ ਕੱਟ ਕੇ ਉਹਨਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ। ਇਨ੍ਹਾਂ ਰੋਸ ਮੁਜਾਹਰਿਆਂ ਵਿੱਚ ਗ਼ਰੀਬ ਲੋੜਵੰਦ ਪਰਿਵਾਰਾਂ ਦੀ ਆਵਾਜ ਬੁਲੰਦ ਕਰਕੇ ਪੰਜਾਬ ਸਰਕਾਰ ਨੂੰ ਇਨ੍ਹਾਂ ਦੇ ਨੀਲੇ ਕਾਰਡ ਦੁਬਾਰਾ ਬਹਾਲ ਕਰਨ ਲਈ ਮਜਬੂਰ ਕੀਤਾ ਜਾਵੇਗਾ।