ਚੰਡੀਗੜ੍ਹ: ਆਪ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਸਰਕਾਰ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕਰ ਰਹੀ ਹੈ। ਇਸ ਦੇ ਲਈ ਉਨ੍ਹਾਂ ਨੇ ਅਵਾਰਾ ਪਸ਼ੂਆਂ ਦੀ ਸੱਮਸਿਆ ਨੂੰ ਲੈ ਕੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿੱਖਿਆ ਹੈ।
ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਨੇਕਾਂ ਵਸਤੂਆਂ ਉੱਪਰ ਕਰੋੜਾਂ ਰੁਪਏ ਖ਼ਰਚ ਕਰਦੀ ਹੈ ਪਰ ਉਹ ਸੂਬੇ ਦੀ ਮੁੱਖ ਸੱਮਸਿਆਵਾਂ ਨੂੰ ਨਜ਼ਰਅੰਦਾਜ਼ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗਊ ਸੈੱਸ ਲੈਣ ਦੇ ਬਾਵਜ਼ੂਦ ਵੀ ਅਵਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਨ ਦੀ ਬਜਾਏ ਸਰਕਾਰ ਅਵਾਰਾ ਪਸ਼ੂਆਂ ਦੀ ਸੱਮਸਿਆਵਾਂ ਤੋਂ ਮੂੰਹ ਫੇਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਸੜਕਾਂ ਉੱਤੇ ਅਵਾਰਾ ਪਸ਼ੂ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਅਤੇ ਇਸ ਨਾਲ ਕਈ ਜਾਨਾਂ ਜਾ ਰਹੀਆਂ ਹਨ।
ਅਰੋੜਾ ਨੇ ਇਸ ਮੌਕੇ ਇੱਕ ਵੀਡੀਓ ਵੀ ਜਾਰੀ ਕੀਤਾ ਜਿਸ ਵਿੱਚ ਅਵਾਰਾ ਪਸ਼ੂਆਂ ਕਾਰਨ ਵਾਪਰਨ ਵਾਲੇ ਸੜਕ ਹਾਦਸੇ ਦਰਸਾਏ ਗਏ ਹਨ। ਅਮਨ ਅਰੋੜਾ ਨੇ ਮੁੱਖ ਮੰਤਰੀ ਅਤੇ ਹੋਰਨਾਂ ਸਿਆਸੀ ਦਲਾਂ, ਸਮਾਜਿਕ ਜਥੇਬੰਦੀਆਂ ਨੂੰ ਧਰਮ ਤੋਂ ਪਰੇ ਹੱਟ ਕੇ ਲਾਮਬੰਦ ਹੋਣ ਦਾ ਸੱਦਾ ਦਿੰਦੇ ਹੋਏ ਦੇਸੀ ਨਸਲ ਦੀ ਗਊ ਅਤੇ ਬਲਦਾਂ ਨੂੰ ਸਾਂਭਣ ਅਤੇ ਅਮਰੀਕੀ ਨਸਲ ਦਿਆਂ ਨੂੰ ਬੁੱਚੜਖਾਨੇ ਭੇਜਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਇਸ ਨਾਲ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇਗਾ। ਉਨ੍ਹਾਂ ਕਿਹਾ ਅਵਾਰਾ ਪਸ਼ੂ ਸੜਕ ਹਾਦਸਿਆਂ ਤੋਂ ਇਲਾਵਾ ਕਿਸਾਨਾਂ ਦੀ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਅਰੋੜਾ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਦੇ ਹਿੱਤ ਲਈ ਸਰਕਾਰ ਨੂੰ ਇਸ ਸਬੰਧੀ ਕਾਨੂੰਨੀ ਸੋਧ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਇਸ ਮਾਮਲੇ ਵਿੱਚ ਕੋਈ ਠੋਸ ਕਦਮ ਨਹੀਂ ਚੁੱਕਦੀ ਤਾਂ ਉਹ ਆਪ ਆਗਮੀ ਵਿਧਾਨ ਸਭਾ ਸੈਸ਼ਨ ਵਿੱਚ 'ਪ੍ਰਾਈਵੇਟ ਮੈਂਬਰ ਬਿੱਲ' ਲੈ ਕੇ ਆਉਣਗੇ।