ਚੰਡੀਗੜ੍ਹ: ਪੰਜਾਬ ਵਿੱਚ ਨਾਜਾਇਜ਼ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ਦੇ ਖ਼ਾਤਮੇ ਲਈ ਅੱਜ ਇੱਥੇ ਪੰਜਾਬ ਕੈਬਨਿਟ ਵੱਲੋਂ ਪੰਜਾਬ ਆਬਕਾਰੀ ਐਕਟ-1914 ਵਿੱਚ ਧਾਰਾ 61-ਏ ਦਰਜ ਕਰਨ ਅਤੇ ਧਾਰਾ 61 ਤੇ 63 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ ਇਸ ਸਬੰਧੀ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਬਿੱਲ ਲਿਆਉਣ ਦੀ ਪ੍ਰਵਾਨਗੀ ਵੀ ਦਿੱਤੀ ਗਈ। ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ।
ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਅਜਿਹੀਆਂ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ 'ਤੇ ਨਕੇਲ ਕਸਣ ਅਤੇ ਅਜਿਹੇ ਵਿਅਕਤੀਆਂ ਨੂੰ ਸਜ਼ਾ ਦੇਣ ਲਈ ਐਕਸਾਈਜ਼ ਐਕਟ ਵਿੱਚ ਯੋਜਨਾਬੱਧ ਤਬਦੀਲੀ ਕਰਨ ਦਾ ਫੈਸਲਾ ਲਿਆ। ਇਹ ਫੈਸਲਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਲਿਆ ਗਿਆ ਹੈ ਜਿੱਥੇ ਜੁਲਾਈ, 2020 'ਚ ਨਕਲੀ ਅਤੇ ਮਿਲਾਵਟੀ ਸ਼ਰਾਬ ਦਾ ਸੇਵਨ ਕਰਨ ਨਾਲ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਆਬਕਾਰੀ ਐਕਟ, 1914 ਵਿੱਚਲੀ ਉਪ ਧਾਰਾ (1) ਵਜੋਂ ਨਵੀਂ ਧਾਰਾ 61-ਏ ਸ਼ਾਮਲ ਕੀਤੀ ਗਈ ਹੈ ਜਿਸ ਵਿੱਚ ਇਹ ਵਿਵਸਥਾ ਹੈ ਕਿ ਤਿਆਰ ਕੀਤੀ ਜਾਂ ਵੇਚੀ ਗਈ ਸ਼ਰਾਬ ਵਿੱਚ ਕਿਸੇ ਕਿਸਮ ਦੇ ਹਾਨੀਕਾਰਕ ਜਾਂ ਵਿਸ਼ੇਸ਼ ਪਦਾਰਥ ਜਿਸ ਨਾਲ ਅਪੰਗਤਾ ਜਾਂ ਗੰਭੀਰ ਹਾਲਤ ਜਾਂ ਮੌਤ ਹੋ ਸਕਦੀ ਹੈ, ਮਿਲਾਉਂਦਾ ਹੈ ਜਾਂ ਮਿਲਾਉਣ ਦੀ ਆਗਿਆ ਦਿੰਦਾ ਹੈ, ਸਜ਼ਾ ਦਾ ਹੱਕਦਾਰ ਹੋਵੇਗਾ। ਅਜਿਹੇ 'ਚ ਦੋਸ਼ੀ ਨੂੰ ਮੌਤ ਜਾਂ ਉਮਰ ਕੈਦ ਦੀ ਸਜ਼ਾ ਦੇਣ ਦੇ ਨਾਲ 20 ਲੱਖ ਰੁਪਏ ਤੱਕ ਜੁਰਮਾਨਾ ਲਾਇਆ ਜਾ ਸਕੇਗਾ।