ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਜਲਦ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਦਾ ਕਹਿਣਾ ਕਿ ਉਹ 20 ਅਗਸਤ ਨੂੰ ਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਹਨ।
ਦੱਸ ਦਈਏ ਕਿ ਅਨਿਲ ਜੋਸ਼ੀ ਪਹਿਲ ਭਾਜਪਾ 'ਚ ਸ਼ਾਮਲ ਸਨ। ਜਿਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈਕੇ ਆਪਣੀ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦਿਆਂ ਭਾਜਪਾ ਵਲੋਂ ਕਾਰਵਾਈ ਕਰਦਿਆਂ ਅਨਿਲ ਜੋਸ਼ੀ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਸੀ। ਅਨਿਲ ਜੋਸ਼ੀ ਖਿਲਾਫ਼ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਗਿਆ ਸੀ।
ਇਸ ਸਬੰਧੀ ਅਨਿਲ ਜੋਸ਼ੀ ਦਾ ਕਹਿਣਾ ਕਿ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ 'ਆਪ' ਦੀ ਕਮਾਨ ਦਿੱਲੀ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਹੋ ਸਕਦਾ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੀ ਪਾਰਟੀ ਹੀ ਸੂਬੇ ਦੇ ਲੋਕਾਂ ਦਾ ਭਲਾ ਕਰ ਸਕਦੀ ਹੈ। ਜਿਸ ਕਾਰਨ ਉਹ ਲੋਕਾਂ ਦੀ ਸੇਵਾ ਲਈ ਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਹਨ।
ਅਨਿਲ ਜੋਸ਼ੀ ਦੇ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ। ਇਸ ਦੇ ਨਾਲ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਵੀ ਚੰਡੀਗੜ੍ਹ 'ਚ ਕੀਤੀ ਪ੍ਰੈਸ ਕਾਨਫਰੰਸ 'ਚ ਕਿਹਾ ਗਿਆ ਕਿ ਅਨਿਲ ਜੋਸ਼ੀ ਜੇਕਰ ਅਕਾਲੀ ਦਲ 'ਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਦਾ ਸਵਾਗਤ ਕਰਨਗੇ।
ਇਹ ਵੀ ਪੜ੍ਹੋ:ਲਗਾਤਾਰ 100 ਦਿਨ ਪੰਜਾਬ ਯਾਤਰਾ 'ਤੇ ਰਹਿਣਗੇ ਸੁਖਬੀਰ ਬਾਦਲ