ਚੰਡੀਗੜ੍ਹ: ਸ਼ਹਿਰੀ ਸਥਾਨਕ ਸਰਕਾਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਸ਼ੁੱਕਰਵਾਰ ਨੂੰ ਸਮੂਹ ਜ਼ਿਲ੍ਹਾ ਮੁੱਖ ਦਫਤਰਾਂ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀਆਂ 22 ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜੋ ਕਿ ਖੇਤਰੀ ਡਿਪਟੀ ਡਾਇਰੈਕਟਰਾਂ ਦੀ ਥਾਂ ਲੈਣਗੇ।
ਇਸ ਦੀ ਪ੍ਰਵਾਨਗੀ ਤੋਂ ਬਾਅਦ ਮੌਜੂਦਾ ਸਮੇਂ ਏਡੀਸੀ (ਵਿਕਾਸ) ਦੀਆਂ ਅਸਾਮੀਆਂ ਦਾ ਨਾਂ ਬਦਲ ਕੇ ਏਡੀਸੀ (ਪੇਂਡੂ ਵਿਕਾਸ) ਕਰ ਦਿੱਤਾ ਗਿਆ ਹੈ। ਇਨ੍ਹਾਂ ਏਡੀਸੀਜ਼ ਨੂੰ ਪੰਜਾਬ ਮਿਉਂਸਪਲ ਐਕਟ, 1911 ਅਤੇ ਪੰਜਾਬ ਰਿਜ਼ਨਲ ਐਂਡ ਟਾਊਨ ਪਲਾਨਿੰਗ ਐਂਡ ਡਿਵੈਲਪਮੈਂਟ ਐਕਟ, 1995 ਤਹਿਤ ਅਧਿਕਾਰ ਹਾਸਲ ਹੋਣਗੇ।
ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਨੂੰ ਏ.ਡੀ.ਸੀ. (ਸ਼ਹਿਰੀ ਵਿਕਾਸ) ਨੂੰ ਸੌਂਪੀਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਬਾਰੇ, ਪੰਜਾਬ ਰਿਜ਼ਨਲ ਐਂਡ ਟਾਊਨ ਪਲਾਨਿੰਗ ਐਂਡ ਡਿਵੈਲਪਮੈਂਟ ਐਕਟ, 1995 ਅਤੇ ਇਸ ਸਬੰਧੀ ਹੋਰ ਸਾਰੇ ਪ੍ਰਸ਼ਾਸਕੀ ਮਸਲਿਆਂ ਬਾਰੇ ਵੀ ਬਿਨਾਂ ਮੰਤਰੀ ਮੰਡਲ ਸਾਹਮਣੇ ਰੱਖਿਆਂ ਕੋਈ ਵੀ ਅੰਤਿਮ ਫੈਸਲਾ ਲੈਣ ਬਾਰੇ ਅਧਿਕਾਰ ਦਿੱਤੇ ਗਏ। ਪਰ, ਵਿੱਤ, ਸਥਾਨਕ ਸਰਕਾਰ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਨਾ ਹੋਵੇਗਾ।