ਚੰਡੀਗੜ੍ਹ: ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਮਲਾ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ। ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਸੰਵਿਧਾਨਕ ਅਤੇ ਜਮਹੂਰੀ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਸਿੱਧੇ ਤੌਰ 'ਤੇ ਭਾਜਪਾ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਇਸ਼ਾਰੇ 'ਤੇ ਕੀਤੀ ਗਈ ਹੈ। ਪਿਛਲੇ ਦਿਨੀਂ ਸੁਪਰੀਮ ਕੋਰਟ ਵੱਲੋਂ ਦਿੱਲੀ ਵਿਖੇ ਕਿਸਾਨੀ ਧਰਨਿਆਂ ਸਬੰਧੀ ਸੁਣਵਾਈ ਦੌਰਾਨ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਨੂੰ ਲੋਕਾਂ ਦਾ ਜਮਹੂਰੀ ਹੱਕ ਕਰਾਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਘਬਰਾਈ ਹੋਈ ਹਿਮਾਚਲ ਪ੍ਰਦੇਸ਼ ਸਰਕਾਰ ਗ਼ੈਰ ਸੰਵਿਧਾਨਕ ਢੰਗ ਤਰੀਕੇ ਅਪਣਾ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਖ਼ੁਸ਼ ਕਰ ਰਹੀ ਹੈ।
ਰਾਣਾ ਸੋਢੀ ਨੇ ਕਿਹਾ ਕਿ ਨੌਜਵਾਨਾਂ ਨੇ ਕਿਸੇ ਵੀ ਕਾਨੂੰਨ ਦਾ ਉਲੰਘਣ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸੰਵਿਧਾਨ ਤਹਿਤ ਹਰੇਕ ਵਿਅਕਤੀ ਨੂੰ ਬੋਲਣ, ਸੋਚਣ ਅਤੇ ਕੰਮ ਕਰਨ ਦੀ ਆਜ਼ਾਦੀ ਅਤੇ ਹੱਕ ਹੈ।
ਮੰਤਰੀ ਨੇ ਕਿ ਇਸਤੋਂ ਪਹਿਲਾਂ ਵੀ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਕਦਮ ਚੁੱਕੇ ਸਨ ਪਰ ਉਸ ਨੂੰ ਮੂੰਹ ਦੀ ਖਾਣੀ ਪਈ ਸੀ। ਉਨ੍ਹਾਂ ਨੇ ਕਿਹਾ ਕਿ ਲੋਕ ਰੋਹ ਮੂਹਰੇ ਕੇਂਦਰ ਸਰਕਾਰ ਨੂੰ ਝੁਕਣਾ ਪਵੇਗਾ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।