ਚੰਡੀਗੜ੍ਹ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਵਿਰੁੱਧ ਚੱਲ ਰਹੀ ਲੜਾਈ ਵਿਚ ਲੋਕਾਂ ਦੀ ਜਾਨ ਬਚਾਉਣ ਲਈ ਭੇਜੀ ਵੈਕਸੀਨ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੇ ਨਿੱਜੀ ਲਾਭ ਲਈ ਅਤੇ ਸੂਬੇ ਦੇ ਖਜ਼ਾਨੇ ਨੂੰ ਭਰਨ ਲਈ ਟੀਕਿਆਂ ਨੂੰ ਨਿੱਜੀ ਤੌਰ 'ਤੇ ਵੇਚਣ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਐਮਓਐਸ ਡਾ. ਜਤਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਸੰਗਠਨ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ, ਪ੍ਰਦੇਸ਼ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਪ੍ਰਦੇਸ਼ ਭਾਜਪਾ ਉਪ ਪ੍ਰਧਾਨ ਰਾਜੇਸ਼ ਬਾਗਾ ਸ਼ਾਮਲ ਸਨ। ਵਫ਼ਦ ਨੇ ਡਾ: ਜਤਿੰਦਰ ਸਿੰਘ ਨੂੰ ਸੂਬੇ ਦੀ ਵਿਗੜੀ ਸਥਿਤੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਆਪਣਾ ਮੰਗ ਪੱਤਰ ਉਨ੍ਹਾਂ ਨੂੰ ਸੌਂਪਿਆ।
ਜੀਵਨ ਗੁਪਤਾ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੀ ਭ੍ਰਿਸ਼ਟ ਕਾਂਗਰਸ ਸਰਕਾਰ ਘੁਟਾਲਿਆਂ 'ਤੇ ਘੁਟਾਲੇ ਕਰੀ ਜਾ ਰਹੀ ਹੈ ਅਤੇ ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਲੋਕਾਂ ਨੂੰ ਮਰਨ ਲਈ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਵੈਕਸੀਨ ਨੂੰ ਆਪਣੀ ਜੇਬਾਂ ਭਰਨ ਦੇ ਮੌਕੇ ਵਜੋਂ ਵਰਤਿਆ ਅਤੇ ਟੀਕਾ ਨਿੱਜੀ ਹਸਪਤਾਲਾਂ ਨੂੰ ਵੇਚਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਨਿੱਜੀ ਹਸਪਤਾਲਾਂ ਨੂੰ 400 ਰੁਪਏ ਵਿੱਚ ਖਰੀਦੀ ਗਈ ਵੈਕਸੀਨ ਦੀਆਂ 80 ਹਜ਼ਾਰ ਖੁਰਾਕਾਂ ਨੂੰ 1060 ਰੁਪਏ ਥੋਕ ਵਿੱਚ ਵੇਚੀਆਂ। ਦੂਜੇ ਪਾਸੇ, ਉਕਤ ਕੋਰੋਨਾ ਟੀਕਾ 1560 ਰੁਪਏ ਵਿਚ ਵੇਚ ਕੇ, ਪ੍ਰਾਈਵੇਟ ਹਸਪਤਾਲ ਨੇ ਸਰਕਾਰ ਦੇ ਨੱਕ ਹੇਠਾਂ ਜਨਤਕ ਤੌਰ ਤੇ ਦੋਵਾਂ ਹੱਥਾਂ ਨਾਲ ਲੁੱਟ ਕੀਤੀ ਅਤੇ ਲੋਕਾਂ ਦਾ ਜੰਮ ਕੇ ਆਰਥਿਕ ਸ਼ੋਸ਼ਣ ਕੀਤਾ।
ਜੀਵਨ ਗੁਪਤਾ ਨੇ ਕਿਹਾ ਕਿ ਇੰਨਾ ਹੀ ਨਹੀਂ, ਪੰਜਾਬ ਸਰਕਾਰ ਨੇ ਪੀ.ਪੀ.ਈ. ਕਿੱਟ ਅਤੇ ਫਤਿਹ ਕਿੱਟ ਦੀ ਖਰੀਦ ਵਿੱਚ ਵੀ ਘੁਟਾਲਾ ਕੀਤਾ। ਪੰਜਾਬ ਸਰਕਾਰ ਨੇ 837 ਰੁਪਏ ਦੀ ਫਤਹਿ ਕਿੱਟ ਨੂੰ 1338 ਰੁਪਏ ਦੇ ਮਹਿੰਗੇ ਭਾਅ ਤੇ ਖਰੀਦ ਕੇ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਲੁੱਟ ਲਈਆਂ ਹਨ।ਉਨ੍ਹਾਂ ਕਿਹਾ ਕਿ ਇਸਦੇ ਚੱਲਦੇ ਹੀ ਉਨ੍ਹਾਂ ਦੇ ਵੱਲੋਂ ਮੰਗ ਪੱਤਰ ਦੇ ਕੇ ਮਾਮਲੇ ਚ ਜਾਂਚ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:ਰਾਹੁਲ ਮੀਟਿੰਗ : 'ਪੰਜਾਬ 'ਚ ਹੋਣ 3 ਡਿਪਟੀ ਸੀਐਮ'