ਚੰਡੀਗੜ੍ਹ :ਐਤਵਾਰ ਨੂੰ ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੀ ਪੁਲਿਸ ਵੱਲੋਂ ਮਾਰਕੁੱਟ ਕੀਤੇ ਜਾਣ ‘ਤੇ ਪ੍ਰਤੀਕਿਰਆ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਅਤੇ ਅਣਮਨੁੱਖੀ ਘਟਨਾ ਹੈ। ਆਮ ਆਦਮੀ ਪਾਰਟੀ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।
ਐਤਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਸੂਬਾ ਯੂਥ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਧਿਆਪਕਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਹਮਲੇ ਦੀ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀ ਘੱਟ ਹੈ। ਬੇਹੱਦ ਸ਼ਰਮ ਦੀ ਗੱਲ ਹੈ ਕਿ ਕੈਪਟਨ ਸਰਕਾਰ ਬੇਰੋਜਗਾਰ ਅਧਿਆਪਕਾਂ ਦੀ ਮੰਗ ਪੂਰੀ ਕਰਨ ਦੇ ਬਜਾਏ ਉਨਾਂ ‘ਤੇ ਲਾਠੀਆਂ ਵਰ੍ਹਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹਰ ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਬੇਰੋਜ਼ਗਾਰ ਨੌਜਵਾਨਾਂ ਉੱਤੇ ਜ਼ੁਲਮ ਕਰ ਰਹੇ ਹਨ। ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ ਦੇ ਹਮਲੇ ਵਿੱਚ ਜਖ਼ਮੀ ਹੋਏ ਅਧਿਆਪਕਾਂ ਦੇ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਉਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੰਦੀ ਹੈ। ਆਮ ਆਦਮੀ ਪਾਰਟੀ ਅਧਿਆਪਕਾਂ ਦੀ ਮੰਗਾਂ ਨਾਲ ਖੜ੍ਹੀ ਹੈ ਅਤੇ ਉਨਾਂ ਦੇ ਅੰਦੋਲਨ ਵਿੱਚ ਹਰ ਸੰਭਵ ਸਹਿਯੋਗ ਕਰੇਗੀ ।
ਮੀਤ ਹੇਅਰ ਨੇ ਪੁੱਛਿਆ ਕਿ ਪੰਜਾਬ ਦੇ ਅਖਬਾਰਾਂ ਵਿੱਚ ਹਰ ਰੋਜ਼ ਇਸ਼ਤਿਹਾਰ ਦੇ ਕੇ ਆਪਣੇ ਚੋਣ ਮੈਨੀਫੈਸਟੋ ਦੇ 85 ਫ਼ੀਸਦੀ ਵਾਅਦੇ ਪੂਰੇ ਹੋਣ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਦੱਸਣ ਕਿ ਜੇਕਰ ਉਨ੍ਹ ਨੇ ਹਰ ਵਾਅਦਾ ਪੂਰਾ ਕੀਤਾ ਹੈ ਤਾਂ ਪੰਜਾਬ ਵਿੱਚ ਹਰ ਪਾਸੇ ਧਰਨਾ ਪ੍ਰਦਰਸ਼ਨ ਕਿਉਂ ਹੋ ਰਹੇ ਹਨ।