ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਨੂੰ ਹਾਈਕੋਰਟ ਅਤੇ ਅਕਾਲ ਪੁਰਖ ਵਲੋਂ ਨਾਕਾਮ ਕਰ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਸਰਕਾਰ ਵਲੋਂ ਬੇਅਦਬੀ ਅਤੇ ਗੋਲੀਕਾਂਡ ਮਾਮਲੇ 'ਚ ਸਿਆਸੀ ਰੋਟੀਆਂ ਸੇਕੀਆਂ ਗਈਆਂ ਹਨ। ਜਿਸ ਦੇ ਤਹਿਤ ਉਨ੍ਹਾਂ ਵਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਮੌਕੇ ਬਣੀ ਐੱਸ.ਆਈ.ਟੀ ਵਲੋਂ ਫੜੇ ਗਏ ਮੁਲਜ਼ਮਾਂ ਨੂੰ ਕਾਂਗਰਸ ਸਰਕਾਰ ਦੀ ਐੱਸ.ਆਈ.ਟੀ ਵਲੋਂ ਨਿਰਦੋਸ਼ ਦੱਸਦਿਆਂ ਅਜ਼ਾਦ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁੜ-ਮੁੜ ਐੱਸ. ਆਈ.ਟੀ ਦਾ ਗਠਨ ਕਰਕੇ ਸੂਬੇ ਦੇ ਲੋਕਾਂ ਨੂੰ ਮੁਰਖ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਿੱਧੂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਉਸ ਕੋਲ ਕੋਈ ਸਬੂਤ ਹੈ ਤਾਂ ਉਸ ਨੂੰ ਮਦਾਨ 'ਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਨਾ ਤਾਂ ਬੇਅਦਬੀ ਕਰਵਾਈ ਗਈ ਅਤੇ ਨਾ ਹੀ ਗੋਲੀਕਾਂਡ ਕਰਵਾਇਆ ਗਿਆ।
ਇਸ ਸਬੰਧੀ ਬਿਕਰਮ ਮਜੀਠਆ ਦਾ ਕਹਿਣਾ ਕਿ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੀ ਕਿ ਬੇਅਦਬੀ ਮਾਮਲਿਆਂ 'ਚ ਰੋਸ ਜਾਹਿਰ ਕਰਦੇ ਲੋਕਾਂ ਨੂੰ ਜਾਣ ਦਿੱਤਾ ਜਾਵੇ। ਉਨ੍ਹਾਂ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਰੋਕਿਆ ਸੀ। ਇਸ ਸਬੰਧੀ ਮਜੀਠੀਆ ਦਾ ਕਹਿਣਾ ਕਿ ਕਾਂਗਰਸ ਵਲੋਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਐੱਸ.ਆਈ.ਟੀ ਵਲੋਂ ਤਤਕਾਲੀ ਮੁੱਖ ਮੰਤਰੀ ਨੂੰ ਦੋਸ਼ੀ ਪਾਇਆ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਇਲਜ਼ਾਮ ਲਗਾਇਆ ਕਿ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਸੰਨ 1984 'ਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ 'ਤੇ ਟੈਂਕਾਂ ਨਾਲ ਹਮਲਾ ਕਰਵਾਇਆ ਸੀ। ਜਿਸ ਤੋਂ ਪੰਜਾਬ 'ਚ ਕਾਂਗਰਸ ਦਾ ਝੂਠ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਬੇਅਦਬੀ ਦੇ ਮਾਮਲੇ 'ਚ ਵੀ ਸਿਆਸਤ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਅਕਾਲੀ ਦਲ ਖੁਦ ਚਾਹੁੰਦਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਮਿਲੇ।
ਇਸ ਦੇ ਨਾਲ ਹੀ ਮਜੀਠੀਆ ਨੇ ਇਸ ਮੌਕੇ ਤਸਵੀਰਾਂ 'ਤੇ ਵੀਡੀਓ ਸਬੂਤ ਪੇਸ਼ ਕੀਤੇ, ਜਿਨ੍ਹਾਂ 'ਚ ਨਵਜੋਤ ਸਿੰਘ ਸਿੱਧੂ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੇ ਪੈਰੀਂ ਹੱਥ ਲਾਉਂਦੇ ਦਿਸਦੇ ਹਨ ਅਤੇ ਉਸਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕਰਦੇ ਦਿਸਦੇ ਹਨ। ਉਹਨਾਂ ਕਿਹਾ ਕਿ ਇਹ ਰਾਮ ਰਹੀਮ ਦੇ ਭਗਤ ਦੀ ਅਸਲ ਸੱਚਾਈ ਤੇ ਇਸਦਾ ਕਿਰਦਾਰ ਹੈ। ਉਹਨਾਂ ਕਿਹਾ ਕਿ ਰਾਮ ਰਹੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਬਸਤਰਾਂ ਵਰਗੇ ਬਸਤਰ ਪਾ ਕੇ ਬੇਅਦਬੀ ਕੀਤੀ ਸੀ। ਇਸ ਤੋਂ ਖਫਾ ਜਾਂ ਗੁੱਸਾ ਹੋਣ ਦੀ ਥਾਂ ਸਿੱਧੂ ਇਸ ਧਾਰਮਿਕ ਠੱਗ ਦੀ ਤਲਨਾ ਗੁਰੂ ਨਾਨਕ ਪਾਤਸ਼ਾਹ ਨਾਲ ਆਪ ਕਰ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਦੇ ਕਾਟੋ ਕਲੇਸ 'ਤੇ ਬੋਲਦਿਆਂ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ 'ਚ ਲੋਕ ਮਰ ਰਹੇ ਹਨ ਅਤੇ ਕਾਂਗਰਸ ਕੁਰਸੀ ਦੇ ਚੱਕਰ 'ਚ ਆਪਸ 'ਚ ਹੀ ਉੱਲਝ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਮੌਜੂਦਾ ਸਰਕਾਰ ਨੂੰ ਸੂਬੇ ਦੇ ਲੋਕਾਂ ਦੀ ਕੋਈ ਵੀ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੋਰੋਨਾ ਦੇ ਚੱਲਦਿਆਂ ਯਤਨ ਕਰਨੇ ਚਾਹੀਦੇ ਹਨ, ਜਿਸ 'ਚ ਅਕਾਲੀ ਦਲ ਵਲੋਂ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਤੋਂ ਅਸੰਤੁਸ਼ਟ ਹਨ, ਜਿਸ ਕਾਰਨ ਹੁਣ ਮੁੜ ਪੰਜਾਬ ਦੇ ਲੋਕ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁਮਦੇ ਹਨ। ਜਿਸ ਦਾ ਨਤੀਜ਼ਾ ਕਾਂਗਰਸ ਨੂੰ ਅਗਾਮੀ ਵਿਧਾਨਸਭਾ ਚੋਣਾਂ 'ਚ ਨਜ਼ਰ ਆ ਜਾਵੇਗਾ।
ਇਹ ਵੀ ਪੜ੍ਹੋ:ਪਿੰਡਾਂ ਨੂੰ ਕੋਰੋਨਾ ਮੁਕਤ ਮੁਹਿੰਮ ਤਹਿਤ ਦਿੱਤੇ ਜਾਣਗੇ 10 ਲੱਖ ਰੁਪਏ : ਕੈਪਟਨ