ਚੰਡੀਗੜ੍ਹ: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜੇ ਗਏ ਗੁਰਦੀਪ ਸਿੰਘ ਰਾਣੋ ਨਾਮਕ ਨਸ਼ਾ ਤਸਕਰ ਦੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਗੂੜ੍ਹੇ ਸਬੰਧਾਂ ਉੱਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਅਕਾਲੀ ਅਤੇ ਕਾਂਗਰਸੀ ਆਗੂਆਂ ਦੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਮਿਲੀਭੁਗਤ ਹੋਣ ਦਾ ਇਲਜ਼ਾਮ ਲਗਾਇਆ ਹੈ।
ਚੀਮਾ ਨੇ ਕਿਹਾ ਕਿ ਇਹ ਨਸ਼ਾ ਤਸਕਰ ਪਹਿਲਾਂ ਅਕਾਲੀਆਂ ਵੇਲੇ ਸਰਪ੍ਰਸਤੀ ਹੇਠ ਕਾਰਜ ਕਰ ਰਹੇ ਸਨ ਅਤੇ ਸਰਕਾਰ ਬਦਲਣ ਤੋਂ ਬਾਅਦ ਹੁਣ ਕਾਂਗਰਸੀ ਇਨ੍ਹਾਂ ਨੂੰ ਪਨਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਣੂ ਕੋਲੋਂ ਫੜੇ ਗਏ ਭਾਰੀ ਮਾਤਰਾ ਵਿੱਚ ਨਸ਼ੇ, ਪੈਸੇ ਅਤੇ ਦਰਜਨਾਂ ਮਹਿੰਗੀਆਂ ਕਾਰਾਂ ਤੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਕੰਮ ਅਕਾਲੀ ਸਰਕਾਰ ਵਾਂਗ ਜਿਉਂ ਦਾ ਤਿਉਂ ਹੀ ਚੱਲ ਰਿਹਾ ਹੈ।
ਚੀਮਾ ਨੇ ਕੈਪਟਨ ਵੱਲੋਂ ਗੁਟਕਾ ਸਾਹਿਬ ਦੀ ਸਹੁੰ ਖਾਣ ਬਾਰੇ ਕਿਹਾ ਕਿ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਲਈ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ ਅਤੇ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੇ ਬਾਦਲਾਂ ਨੂੰ ਬਚਾਉਣ ਤੋਂ ਸਿਵਾ ਹੋਰ ਕੁੱਝ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਤੋਂ ਬਿਨਾਂ ਟਰਾਂਸਪੋਰਟ, ਰੇਤ ਅਤੇ ਹੋਰ ਅਨੇਕਾਂ ਕਿਸਮ ਦੇ ਮਾਫ਼ੀਏ ਹੁਣ ਵੀ ਅਕਾਲੀ ਅਤੇ ਕਾਂਗਰਸੀ ਨੇਤਾਵਾਂ ਵੱਲੋਂ ਇਕੱਠੇ ਚਲਾਏ ਜਾ ਰਹੇ ਹਨ ਜਿਸ ਤੋਂ ਪੰਜਾਬੀਆਂ ਦੁਆਰਾ ਸਮੇਂ ਸਮੇਂ 'ਤੇ ਉੱਠਾਏ ਜਾ ਰਹੇ ਸ਼ੰਕੇ ਕਿ ਅਕਾਲੀ ਅਤੇ ਕਾਂਗਰਸੀ ਮਿਲੇ ਹੋਏ ਹਨ ਦੀ ਪ੍ਰੋੜ੍ਹਤਾ ਹੁੰਦੀ ਹੈ।