ਚੰਡੀਗੜ੍ਹ: ਕਿਸਾਨ ਭਵਨ ਵਿਖੇ ਬੀਤੇ ਕੱਲ੍ਹ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪ੍ਰੈਸ ਕਾਨਫ਼ੰਰਸ ਕੀਤੀ ਗਈ। ਇਸ ਮੌਕੇ ਪ੍ਰਧਾਨ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਦੇਸ਼ ਭਰ ਵਿੱਚ ਭਾਜਪਾ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਉਨ੍ਹਾਂ ਦਾ ਸਾਥ ਦੱਸ ਟਰੇਡ ਯੂਨੀਅਨਾਂ ਵੱਲੋਂ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤ ਮਜ਼ਦੂਰ ਜਥੇਬੰਦੀਆਂ ਸਣੇ ਨੌਜਵਾਨ ਜਥੇਬੰਦੀਆਂ ਨੂੰ ਵੀ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ 23 ਮਈ ਤੋਂ ਹਰ ਹਫ਼ਤੇ ਚਾਰ ਤੋਂ ਪੰਜ ਹਜ਼ਾਰ ਕਿਸਾਨਾਂ ਦਾ ਜਥਾ ਦਿੱਲੀ ਜਾਵੇਗਾ, ਜਿਨ੍ਹਾਂ ਲਈ ਕੋਰੋਨਾ ਨਿਯਮਾਂ ਦੀ ਪਾਲਣਾ ਤਹਿਤ ਪ੍ਰਬੰਧ ਕਰ ਦਿੱਤੇ ਗਏ ਹਨ।
ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੇ ਬਿਆਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੰਤਰੀ ਝੂਠ ਬੋਲ ਰਹੇ ਹਨ ਕਿ ਕਿਸਾਨਾਂ ਦੇ ਕਾਰਨ ਪਿੰਡਾਂ ਵਿੱਚ ਕੋਰੋਨਾ ਫੈਲ ਰਿਹਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਨੇ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਜਿੰਨੇ ਵੀ ਕਿਸਾਨਾਂ ਦੀ ਮੌਤ ਹੋਈ ਹੈ ਉਨ੍ਹਾਂ ਵਿੱਚੋਂ ਇੱਕ ਵੀ ਕਿਸਾਨ ਧਰਨੇ ਵਿਚ ਸ਼ਾਮਲ ਨਹੀਂ ਹੋਇਆ।
ਪੰਜਾਬ ਸਰਕਾਰ ਦੇ ਸਿਹਤ ਵਿਭਾਗ ’ਤੇ ਸਵਾਲ ਚੁੱਕਦਿਆਂ ਆਗੂ ਨੇ ਕਿਹਾ ਕਿ ਕਈ ਖਬਰਾਂ ਅਜਿਹੀਆਂ ਵੀ ਆਈਆਂ ਹਨ ਕਿ ਜਿਹੜੇ ਲੋਕਾਂ ਦੇ ਵਲੋਂ ਟੈਸਟ ਨਹੀਂ ਕਰਵਾਏ ਗਏ ਉਨ੍ਹਾਂ ਨੂੰ ਪੋਜ਼ੀਟਿਵ ਹੋਣ ਦੇ ਮੈਸੇਜ ਭੇਜੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਡੇਰਾ ਪ੍ਰੇਮੀ ਮੁੜ ਅਦਾਲਤ 'ਚ ਕੀਤੇ ਪੇਸ਼