ਚੰਡੀਗੜ੍ਹ: ਕੋਰੋਨਾ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਗੁਆਂਢੀ ਸੂਬੇ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨਾਲ ਮੁਲਾਕਾਤ ਕੀਤੀ।
ਤਕਰੀਬਨ 20 ਮਿੰਟ ਤੱਕ ਚੱਲੀ ਇਸ ਮੁਲਾਕਾਤ ਦੌਰਾਨ ਦੋਹਾਂ ਸਿਹਤ ਮੰਤਰੀਆਂ ਨੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਅਤੇ ਪੰਜਾਬ ਅਤੇ ਹਰਿਆਣਾ ਵਿਚਕਾਰ ਬਿਹਤਰ ਤਾਲਮੇਲ ਨੂੰ ਲੈ ਕੇ ਚਰਚਾ ਕੀਤੀ।
ਇਸ ਦੌਰਾਨ ਦੋਹਾਂ ਮੰਤਰੀਆਂ ਨੇ ਕੋਵਿਡ-19 ਨੂੰ ਲੈ ਕੇ ਆਪਣੇ-ਆਪਣੇ ਸੂਬਿਆਂ ਦੇ ਤਜਰਬੇ ਸਾਂਝੇ ਕੀਤੇ ਅਤੇ ਇਕਜੁੱਟ ਹੋ ਕੇ ਇਸ ਮਹਾਂਮਾਰੀ ਖ਼ਿਲਾਫ ਲੜਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਜ਼ਰੂਰਤ ਪੈਣ 'ਤੇ ਦੋਵੇਂ ਸੂਬੇ ਕਿਸੇ ਵੀ ਹੱਦ ਤੱਕ ਜਾ ਕੇ ਇੱਕ ਦੂਜੇ ਦੀ ਮਦਦ ਕਰਨ ਲਈ ਤਿਆਰ ਹਨ।
ਮੁਲਾਕਾਤ ਤੋਂ ਬਾਅਦ ਬਲਬੀਰ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਦੇ ਮਾਮਲੇ ਵਿੱਚ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ। ਸਿੱਧੂ ਨੇ ਕਿਹਾ ਕਿ ਸੂਬੇ ਦੀਆਂ ਸਿਹਤ ਟੀਮਾਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਰੋਜ਼ਾਨਾ 9 ਹਜ਼ਾਰ ਕੋਰੋਨਾ ਟੈਸਟ ਕਰਨ ਦੀ ਸਮਰੱਥਾ ਹੈ, ਜਿਸ ਕਾਰਨ ਬਾਹਰੋਂ ਆਉਣ ਵਾਲੇ ਹਰੇਕ ਵਿਅਕਤੀ ਦੀ ਕੋਰੋਨਾ ਜਾਂਚ ਕੀਤੀ ਜਾ ਰਹੀ ਹੈ।