ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਨੂੰ ਆਖਿਆ ਕਿ ਉਹ ਲੋਕਤੰਤਰੀ ਕਦਰਾਂ ਕੀਮਤਾਂ ਦਾ ਸਨਮਾਨ ਕਰਨਾ ਸਿੱਖਣ ਤੇ ਅਜਿਹੇ ਝੂਠੇ ਦਾਅਵੇ ਕਰਨ ਤੋਂ ਗੁਰੇਜ਼ ਕਰਨ ਜਿਸ ਨਾਲ ਉਨ੍ਹਾਂ ਦਾ ਕੱਦ ਨੀਵਾਂ ਹੁੰਦਾ ਹੋਵੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਜ਼ਲੀਲ ਕਰਨ 'ਤੇ ਢੀਂਡਸਾ ਦੀ ਜ਼ੋਰਦਾਰ ਨਿਖੇਧੀ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਮ ਪੀ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਢੀਂਡਸਾ ਇੱਕ ਸੀਨੀਅਰ ਸਿਆਸਤਦਾਨ ਹਨ ਤੇ ਉਹ ਚੰਗੀ ਤਰ੍ਹਾਂ ਸਮਝਦੇ ਹਨ ਕਿ ਸਿਆਸੀ ਪਾਰਟੀਆਂ ਕਿਵੇਂ ਕੰਮ ਕਰਦੀਆਂ ਹਨ ਤੇ ਉਨ੍ਹਾਂ ਨੂੰ ਝੂਠੇ ਦਾਅਵਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਨਹੀਂ ਕਰਨਾ ਚਾਹੀਦਾ।
ਕਿਸ ਨੇ ਰਾਜ ਸਭਾ ਦੀ ਮੈਂਬਰੀ ਦਵਾਈ
ਭੂੰਦੜ ਤੇ ਜਥੇਦਾਰ ਤੋਤਾ ਸਿੰਘ ਨੇ ਢੀਂਡਸਾ ਨੂੰ ਕਿਹਾ ਕਿ ਉਹ ਲੋਕਾਂ ਨੂੰ ਗੁੰਮਰਾਹ ਨਾ ਕਰਨ ਤੇ ਇਹ ਦੱਸਣ ਕਿ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕਿਸ ਵੱਲੋਂ ਕੀਤਾ ਗਿਆ ਸੀ, ਸ਼੍ਰੋਮਣੀ ਅਕਾਲੀ ਦਲ ਜਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਜਿਸ ਨੂੰ ਉਹ ਆਪਣੀ ਸਾਬਕਾ ਪਾਰਟੀ ਕਹਿੰਦੇ ਹਨ।
ਕਾਂਗਰਸ ਦੀ ਸ਼ੈਅ
ਉਨ੍ਹਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਢੀਂਡਸਾ ਕਾਂਗਰਸ ਨਾਲ ਸਾਜ਼ਿਸ਼ ਵਿੱਚ ਮਿਲ ਗਏ ਹਨ ਤੇ ਉਹੀ ਕਰ ਰਹੇ ਹਨ ਜੋ ਹਦਾਇਤਾਂ ਕਾਂਗਰਸ ਪਾਰਟੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਜ਼ਿਸ਼ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਵਰਤਿਆ ਹੈ।
ਰਣਜੀਤ ਸਿੰਘ ਬ੍ਰਹਮਪੁਰਾ ਨੂੰ ਜ਼ਲੀਲ ਕਰਨ 'ਤੇ ਆਇਆ ਗ਼ੁੱਸਾ
ਸੀਨੀਅਰ ਆਗੂਆਂ ਨੇ ਢੀਂਡਸਾ ਵੱਲੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਜ਼ਲੀਲ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਹੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜ਼ਲੀਲ ਕਰਨ ਦੀ ਇਹ ਕਾਰਵਾਈ ਉਦੋਂ ਕੀਤੀ ਗਈ ਹੈ ਜਦੋਂ ਸੀਨੀਅਰ ਆਗੂ ਦਾ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਚਲ ਰਿਹਾ ਹੈ। ਉਨ੍ਹਾ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਢੀਂਡਸਾ ਇਸ ਵਾਸਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਹਿੱਸਾ ਨਹੀਂ ਬਣੇ ਕਿਉਂਕਿ ਉਹ ਆਪਣੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਪੇਸ਼ ਕਰਨਾ ਚਾਹੁੰਦੇ ਹਨ।
ਆਪਣੇ ਪੁੱਤ ਨੂੰ ਮੁੱਖ ਮੰਤਰੀ ਬਣਾਉਣ ਦਾ ਅਸਲ ਮੁੱਦਾ
ਉਨ੍ਹਾਂ ਕਿਹਾ ਕਿ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਢੀਂਡਸਾ ਕੋਲ ਸ਼੍ਰੋਮਣੀ ਅਕਾਲੀ ਦਲ ਜਾਂ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਕੁਝ ਨਹੀਂ ਹੈ ਅਤੇ ਅਸਲ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨਾ ਚਾਹੁੰਦੇ ਸਨ ਪਰ ਜਦੋਂ ਉਨ੍ਹਾਂ ਦੀ ਇਹ ਇੱਛਾ ਪੂਰੀ ਨਾ ਹੋਈ ਤਾਂ ਉਹਨਾਂ ਨੇ ਆਪਣੇ ਪਰਿਵਾਰ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਲਈ ਆਪਣੀ ਵੱਖਰੀ ਪਾਰਟੀ ਬਣਾ ਲਈ।