ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਦਵਾਈ ਦਾ ਟੀਕਾ ਜ਼ਰੂਰ ਲਗਾਇਆ ਜਾਵੇ। ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਕੋੋਰੋਨਾ ਮਹਾਂਮਾਰੀ ਦੌਰਨ ਸੂਬੇ 'ਚ ਸਿਹਤ ਸੇਵਾਵਾਂ ਦਾ ਪ੍ਰਬੰਧ ਕਰਨ ਅਤੇ ਲੋਕਾਂ ਦੀ ਜਾਨ ਬਚਾਉਣ ਵਿੱਚ ਫੇਲ੍ਹ ਸਾਬਿਤ ਹੋਈ ਹੈ, ਪਰ ਸੂਬੇ ਦੇ ਲੋਕਾਂ ਨੂੰ ਡਾਕਟਰਾਂ ਵੱਲੋਂ ਦਿੱਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਦੀ ਲਾਜ਼ਮੀ ਤੌਰ 'ਤੇ ਪਾਲਣਾ ਕਰਨੀ ਚਾਹੀਦੀ ਹੈ।
ਭਗਵੰਤ ਮਾਨ ਨੇ ਕੈਪਟਨ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਮੌਤ ਦਰ 2.4 ਫੀਸਦੀ ਹੈ, ਜੋ ਸਮੁੱਚੇ ਦੇਸ ਦੀ ਔਸਤਨ ਮੌਤ ਦਰ ਤੋਂ ਬਹੁਤ ਜ਼ਿਆਦਾ ਹੈ। ਸੂਬੇ ਦੀ ਕਾਂਗਰਸ ਸਰਕਾਰ ਕੋਰੋਨਾ ਮਹਾਂਮਾਰੀ ਦੀ ਅਗਾਊਂ ਚੇਤਾਵਨੀ ਦੇ ਬਾਵਜੂਦ ਸਿਹਤ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕਰਨ ਵਿੱਚ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਗੰਭੀਰ ਪੀੜਤਾਂ ਦੇ ਇਲਾਜ ਲਈ ਵੈਂਟੀਲੇਟਰ ਵਿਵਸਥਾ ਹੀ ਨਹੀਂ ਹੈ। ਸੂਬੇ ਭਰ ਵਿੱਚ ਜਿੱਥੇ ਦਵਾਈਆਂ ਅਤੇ ਆਕਸੀਜਨ ਦੀ ਵੱਡੀ ਕਮੀ ਹੈ, ਉਥੇ ਹੀ ਪੰਜਾਬ ਦੇ ਹਸਪਤਾਲਾਂ 'ਚ ਵੈਂਟੀਲੇਟਰ ਚਲਾਉਣ ਵਾਲੇ ਮੁਲਾਜ਼ਮ ਹੀ ਨਹੀਂ ਹਨ। ਸੂਬੇ ਵਿੱਚ ਡਾਕਟਰਾਂ, ਮੈਡੀਕਲ ਸਟਾਫ ਅਤੇ ਨਰਸਾਂ ਦੀ ਭਰਤੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਵੈਂਟੀਲੇਟਰ ਪ੍ਰਣਾਲੀ ਦੀ ਹਸਪਤਾਲਾਂ ਵਿੱਚ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਨਾਲ ਹੀ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ‘ਚ ਕੋਰੋਨਾ ਨੂੰ ਲੈ ਕੇ ਜੋ ਕਾਲਾਬਾਜ਼ਾਰੀ ਸ਼ੁਰੂ ਹੋ ਚੁੱਕੀ ਉਸ ਖਿਲਾਫ਼ ਸਰਕਾਰ ਨੂੰ ਸਖਤ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਜੋ ਲੋੜਵੰਦ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ:ਲੋਕਤੰਤਰ ਦਾ ਮਤਲਬ, ਵਿਕਾਸ ਗਰੀਬ ਤੋਂ ਗਰੀਬ ਤੱਕ ਪਹੁੰਚੇ: ਸਿੱਧੂ