ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵਿਧਾਨ ਸਭਾ ਇਜਲਾਸ ਦੇ ਤੀਸਰੇ ਦਿਨ ਸਦਨ ਦੇ ਅੰਦਰ ਪੱਟੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ 'ਤੇ ਇਲਜ਼ਾਮ ਲਗਾਏ। ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਦੇ ਪਿਤਾ ਬੀਐਨ ਤਿਵਾੜੀ ਦਾ ਕਤਲ ਕਾਂਗਰਸੀ ਵਿਧਾਇਕ ਵੱਲੋਂ ਕਰਵਾਇਆ ਗਿਆ ਹੈ।
ਇਸ ਨੂੰ ਲੈ ਕੇ ਸਦਨ ਦੇ ਅੰਦਰ ਮਜੀਠੀਆ ਅਤੇ ਹਰਮਿੰਦਰ ਗਿੱਲ ਦੇ ਅੰਦਰ ਕਾਫ਼ੀ ਬਹਿਸ ਵੀ ਹੋਈ। ਇਸ ਦੌਰਾਨ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਹ ਆਪਣੇ ਵਿਧਾਨ ਸਭਾ ਹਲਕੇ ਵਿੱਚ ਬਿਕਰਮ ਮਜੀਠੀਆ ਉਪਰ ਮਾਣਹਾਨੀ ਦਾ ਕੇਸ ਕਰਨਗੇ। ਉਨ੍ਹਾਂ ਕਿਹਾ ਕਿ ਕਿਉਂਕਿ ਬਿਕਰਮ ਮਜੀਠੀਆ ਨੇ ਬਿਨ੍ਹਾਂ ਕਿਸੇ ਸਬੂਤ ਉਨ੍ਹਾਂ ਉੱਪਰ ਇਲਜ਼ਾਮ ਲਗਾਏ ਗਏ ਹਨ, ਜੋ ਕਿ ਉਨ੍ਹਾਂ ਨੂੰ ਸਾਬਿਤ ਕਰਨੇ ਪੈਣਗੇ।
ਅਜਿਹੇ ਹਾਲਾਤ ਕਿਉਂ ਬਣੇ ਇਸ ਬਾਰੇ ਜਦੋਂ ਸਵਾਲ ਕੀਤਾ ਗਿਆ ਤਾਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਕੋਝੀ ਰਾਜਨੀਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਲੱਗਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਉਨ੍ਹਾਂ ਨੇ ਮੁਆਫ਼ੀ ਮੰਗਵਾ ਲਈ ਸੀ, ਪਰ ਹੁਣ ਉਨ੍ਹਾਂ ਦਾ ਵਾਹ ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਨਾਲ ਪਿਆ ਹੈ। ਉਨ੍ਹਾਂ ਕਿਹਾ ਕਿ ਜੋ ਕਿ ਉਨ੍ਹਾਂ ਨੂੰ ਹੁਣ ਕੋਰਟ ਵਿੱਚ ਲਗਾਏ ਇਲਜ਼ਾਮ ਸਾਬਤ ਕਰਨੇ ਪੈਣਗੇ ਨਹੀਂ ਤਾਂ ਹਰਮਿੰਦਰ ਸਿੰਘ ਗਿੱਲ, ਬਿਕਰਮ ਮਜੀਠੀਆ ਤੋਂ ਮੁਆਫੀ ਮੰਗਵਾਉਣਗੇ।
ਇਹ ਵੀ ਪੜ੍ਹੋ: ਕਾਂਗਰਸ, ਮੁਖਤਾਰ ਅੰਸਾਰੀ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਹੀ: ਵੇਰਕਾ
ਬਿਕਰਮ ਸਿੰਘ ਮਜੀਠੀਆ ਵੱਲੋਂ ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹਰਮਿੰਦਰ ਗਿੱਲ ਕੋਲੋਂ ਦੋ ਸੁਆਲ ਪੁੱਛਣ ਦੀ ਮੰਗ ਮੀਡੀਆ ਕੋਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਆਪਣੇ ਹਿਸਾਬ ਨਾਲ ਉਨ੍ਹਾਂ ਨੂੰ ਸਵਾਲ ਪੁੱਛੇਗੀ ਤਾਂ ਉਹ ਹਰ ਗੱਲ ਦਾ ਜਵਾਬ ਦੇਣਗੇ। ਜਦੋਂ ਇਸ ਬਾਰੇ ਈਟੀਵੀ ਭਾਰਤ ਨੇ ਹਰਮਿੰਦਰ ਗਿੱਲ ਨੂੰ ਸਵਾਲ ਕੀਤਾ ਕਿ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਸ਼ਹੀਦ ਮੰਨਦੇ ਹਨ ਜਾਂ ਨਹੀਂ। ਇਸ ਦੇ ਜਵਾਬ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਉਹ ਬਿਕਰਮ ਮਜੀਠੀਆ ਦੀ ਹਰ ਗੱਲ ਦਾ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਦਾ।