ਚੰਡੀਗੜ੍ਹ: ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮੰਤਵ ਨਾਲ ਸ਼ੁੱਕਰਵਾਰ ਨੂੰ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਇੱਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਵਿਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਲਈ ਇਸ ਪ੍ਰਕਿਰਿਆ ਵਿੱਚ ਹੋਰ ਪਾਰਦਸ਼ਤਾ ਤੇ ਤੇਜ਼ੀ ਲਿਆਉਣ ਦੇ ਮੰਤਵ ਨਾਲ pmidcprojects.punjab.gov.in/pmay ਵੈੱਬ ਪੋਰਟਲ ਦੀ ਸ਼ੁਰਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪੋਰਟਲ ਪੰਜਾਬੀ ਅਤੇ ਅੰਗਰੇਜ਼ੀ ਦੋਨਾਂ ਭਾਸ਼ਾਵਾਂ ਵਿੱਚ ਉਪਲਬਧ ਹੈ। ਇਸ ਨਾਲ ਬਿਨੈਕਾਰਾਂ ਨੂੰ ਇਸ ਸਕੀਮ ਦਾ ਲਾਭ ਤੁਰੰਤ ਲੈਣ ਵਿੱਚ ਮਦਦ ਮਿਲੇਗੀ।
ਸਥਾਨਕ ਸਰਕਾਰ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਨੇ ਇਸ ਯੋਜਨਾ ਤਹਿਤ 96,383 ਘਰਾਂ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 28,466 ਘਰ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ ਘਰਾਂ ਦੀ ਉਸਾਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ 1.5 ਲੱਖ ਮਕਾਨਾਂ ਤੱਕ ਦੀ ਉਸਾਰੀ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।