ਚੰਡੀਗੜ੍ਹ : ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਬਜਟ ਸੈਸ਼ਨ 24 ਜੂਨ ਨੂੰ ਭਾਵ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ‘ਆਪ’ ਸਰਕਾਰ ਦਾ ਇਹ ਬਜਟ ਸੈਸ਼ਨ ਵਿਰੋਧੀ ਧਿਰ ਦੇ ਮੈਂਬਰਾਂ ਦੀ ਗਿਣਤੀ ਸਦਨ ਵਿਚ ਬਹੁਤ ਘੱਟ ਹੋਣ ਦੇ ਬਾਵਜੂਦ ਪੂਰੀ ਤਰ੍ਹਾਂ ਹੰਗਾਮੇ ਭਰਿਆ ਰਹੇਗਾ।
ਦੱਸ ਦਈਏ ਕਿ 27 ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ ਜੋ ਕਿ ਪੰਜਾਬ ਦੀ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਹੋਵੇਗਾ। ਇਸ 'ਤੇ 28 ਤੇ 29 ਜੂਨ ਨੂੰ ਚਰਚਾ ਹੋਵੇਗੀ। ਇਸ ਸਬੰਧੀ ਵਿਧਾਨ ਸਭਾ ਦੇ ਸਕੱਤਰ ਨੇ ਸੈਸ਼ਨ ਦਾ ਪ੍ਰੋਗਰਾਮ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ ਅਤੇ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਸੀ।
ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ: ਅੱਜ ਸਵੇਰੇ 11 ਵਜੇ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਵੇਗੀ ਜਿਸ 'ਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਦੁਪਹਿਰ 2 ਵਜੇ ਰਾਜਪਾਲ ਦੇ ਭਾਸ਼ਣ ਦੇ ਨਾਲ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ
ਬਜਟ ਸੈਸ਼ਨ ਦਾ ਹੋਵੇਗਾ ਲਾਈਵ ਪ੍ਰਸਾਰਣ: ਦੱਸ ਦਈਏ ਕਿ ਪੰਜਾਬ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਨੂੰ ਪੰਜਾਬ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ 'ਤੇ ਦੇਖਿਆ ਜਾ ਸਕਦਾ ਹੈ। ਇੱਕ ਹਫ਼ਤਾ ਚੱਲਣ ਵਾਲੇ ਇਸ ਸੈਸ਼ਨ ਵਿਚ ਅੱਜ ਪਹਿਲੇ ਹੀ ਦਿਨ ਦੋ ਬੈਠਕਾਂ ਹੋਣਗੀਆਂ।
ਸਰਕਾਰ ਨੂੰ ਘੇਰਨ ਦੀ ਤਿਆਰੀ: ਸਵੇਰੇ ਪਹਿਲੀ ਬੈਠਕ 'ਚ ਪਿਛਲੇ ਸਮੇਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਜਾਵੇਗੀ ਅਤੇ ਬਾਅਦ ਦੁਪਹਿਰ ਦੂਜੀ ਬੈਠਕ ਵਿਚ 21 ਮਾਰਚ ਨੂੰ ਹੋਏ ਸੈਸ਼ਨ ਵਿਚ ਰਾਜਪਾਲ ਵਲੋਂ ਪੇਸ਼ ਕੀਤੇ ਗਏ ਸਰਕਾਰ ਦੇ ਭਾਸ਼ਨ ਉਪਰ ਬਹਿਸ ਦੀ ਸ਼ੁਰੂਆਤ ਹੋਵੇਗੀ। ਇਸ ਬਹਿਸ ਦੌਰਾਨ ਹੀ ਵਿਰੋਧੀ ਧਿਰ ਵਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਘੇਰਾਬੰਦੀ ਦੀ ਰਣਨੀਤੀ ਬਣਾਈ ਗਈ ਹੈ। ਸਿਫ਼ਰ ਤੇ ਪ੍ਰਸ਼ਨ ਕਾਲ ਦੌਰਾਨ ਵੀ ਵਿਰੋਧੀ ਧਿਰ ਵਲੋਂ ਸੱਤਾਧਿਰ ਨੂੰ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਘੇਰਨ ਦੀ ਤਿਆਰੀ ਹੈ।
ਪੰਜਾਬ ਕੈਬਨਿਟ ਦੀ ਹੋਵੇਗੀ ਮੀਟਿੰਗ: ਨਵੀਂ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਦੁਪਹਿਰ 12:30 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਬੈਠਕ ਹੋਵੇਗੀ। ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਇਸ ਮੀਟਿੰਗ ਦਾ ਏਜੰਡਾ ਮੌਕੇ 'ਤੇ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਬਜਟ ਸੈਸ਼ਨ ਤੋਂ ਬਾਅਦ ਪੰਜਾਬ ਸਰਕਾਰ ਆਪਣੀ ਕੈਬਨਿਟ ਦਾ ਵਿਸਥਾਰ ਕਰ ਸਕਦੀ ਹੈ।
ਇਹ ਵੀ ਪੜ੍ਹੋ: ਛੋਟੇ ਅੱਖਰਾਂ ਵਾਲੇ ਫੈਂਸੀ ਨੰਬਰ ਲਗਾ ਕੇ ਘੁੰਮ ਰਹੇ ਵਾਹਨਾਂ ਦੇ ਚਲਾਣ ਅਤੇ ਜ਼ਬਤ ਕਰਨ ਦੇ ਹੁਕਮ