ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਮ ਲੋਕਾਂ ਦੇ ਜੇਬ ਖ਼ਰਚ ਨੂੰ ਵਧਾਉਣ ਦੀ ਪੂਰੀ ਤਿਆਰੀ ਕਰ ਲਈ ਹੈ। ਸਰਕਾਰ ਵੱਲੋਂ ਸੋਮਵਾਰ ਰਾਤ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ, ਜਿਸ ਮੁਤਾਬਕ ਬੱਸਾ ਦੇ ਕਿਰਾਏ 'ਚ 2 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਹੈ। ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਮੰਗਲਵਾਰ ਤੋਂ ਸੂਬਾ ਭਰ 'ਚ ਲਾਗੂ ਕਰ ਦਿੱਤਾ ਜਾਵੇਗਾ। ਸੂਬੇ ਦੇ ਪ੍ਰਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਨੇ ਇੱਕ ਨੋਟੀਫੀਕੇਸ਼ਨ ਜਾਰੀ ਕਰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਟ੍ਰਾਂਸਪੋਰਟ ਵਿਭਾਗ ਮੁਤਾਬਕ ਪਿਛਲੇ ਸਮੇਂ 'ਚ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਇਹ ਫੈਸਲਾ ਸਰਕਾਰ ਦੁਆਰਾ ਲਿਆ ਗਿਆ ਹੈ। ਇਸ ਹੀ ਤਰ੍ਹਾਂ ਏ.ਸੀ. ਬੱਸਾਂ ਦੇ ਕਿਰਾਏ 'ਚ ਵੀ 6 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਗਿਆ ਸੀ। ਪੈਟਰੋਲ 2 ਰੁਪਏ 37 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 2 ਰੁਪਏ 35 ਪੈਸੇ ਪ੍ਰਤੀ ਲੀਟਰ ਵੱਧਾ ਦਿੱਤਾ ਗਿਆ ਸੀ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਦੀ ਬਜਾਏ ਸਰਕਾਰ ਨੇ ਲੋਕਾਂ ਨੂੰ ਤੰਗ ਕਰਨ ਲਈ ਹੁਣ ਬੱਸਾ ਦੇ ਕਿਰਾਏ ਵੀ ਵਧਾ ਦਿੱਤੇ ਹਨ।